StatCounter

Wednesday, March 13, 2013

ਹੁਣ ਪਿੰਡ ਪਿੰਡ ਗੂੰਜੇਗਾ ਖੇਤ ਮਜ਼ਦੂਰਾਂ ਦਾ ਸੰਘਰਸ਼

     ਹੁਣ ਪਿੰਡ ਪਿੰਡ ਗੂੰਜੇਗਾ ਖੇਤ ਮਜ਼ਦੂਰਾਂ ਦਾ ਸੰਘਰਸ਼

                            ਖੇਤ ਮਜ਼ਦੂਰਾਂ ਵੱਲੋਂ ਲੰਬੀ 'ਚ ਲਾ-ਮਿਸਾਲ ਮੁਜਾਹਰਾ 
               ਅਰਥੀਆਂ ਸਾੜਨ ਅਤੇ ਸਿਆਪਾ ਕਾਨਫਰੰਸਾਂ ਦਾ ਐਲਾਨ

ਲੰਬੀ, 13 ਮਾਰਚ- ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਹਲਕੇ ਲੰਬੀ ਵਿਖੇ ਦਿੱਤੇ ਜਾ ਰਹੇ ਧਰਨੇ ਦੇ 9ਵੇਂ ਦਿਨ ਵਿਸ਼ਾਲ ਗਿਣਤੀ ਵਿੱਚ ਪਹੁੰਚੇ ਖੇਤ ਮਜ਼ਦੂਰ ਮਰਦ-ਔਰਤਾਂ ਵੱਲੋਂ ਲੰਬੀ ਵਿੱਚ ਰੋਹ-ਭਰਪੂਰ ਮੁਜਾਹਰਾ ਕਰਕੇ ਲਗਾਤਾਰ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।ਮੁੱਖ ਮੰਤਰੀ ਅਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਬੇਘਰੇ ਅਤੇ ਲੋੜਵੰਦਾਂ ਨੂੰ ਪਲਾਟ ਦੇਣ, ਪੰਚਾਇਤੀ ਅਤੇ ਸ਼ਾਮਲਾਟ ਜ਼ਮੀਨਾਂ 'ਤੇ ਮਜ਼ਦੂਰਾਂ ਨੂੰ ਮਾਲਕੀ ਹੱਕ ਦੇਣ, ਖੁਦਕੁਸ਼ੀ ਪੀੜਤਾਂ ਨੂੰ ਮੁਆਵਜਾ ਅਤੇ ਨੌਕਰੀ ਦੇਣ, ਬਿਜਲੀ ਬਿੱਲਾਂ ਦੇ ਬਕਾਏ ਉਗਰਾਹੁਣ 'ਤੇ ਰੋਕ ਲਾ ਕੇ 400 ਯੂਨਿਟਾਂ ਮੁਆਫ ਕਰਨ, ਪੁੱਟੇ ਮੀਟਰ ਜੋੜਨ, ਤੇ ਪੰਜ ਲੱਖ ਹੋਰ ਪਰਿਵਾਰਾਂ ਨੂੰ ਘਰੇਲੂ ਬਿੱਲ ਮੁਆਫ ਕਰਨ, ਮਨਰੇਗਾ ਦੇ ਬਕਾਏ ਅਤੇ ਕੰਮ ਦੇਣ, ਕੱਟੀਆਂ ਪੈਨਸ਼ਨਾਂ ਚਾਲੂ ਕਰਨ ਆਦਿ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਧਰਨੇ 'ਤੇ ਬੈਠੇ ਮਜ਼ਦੂਰਾਂ ਨੇ ਸਰਕਾਰ ਅਤੇ ਪ੍ਰਸਾਸ਼ਨ ਦੇ ਬੇਰੁਖੀ ਵਾਲੇ ਰਵੱਈਏ ਤੋਂ ਦੁਖੀ ਹੋ ਕੇ ਘੋਲ ਦਾ ਘੇਰਾ ਹੋਰ ਵਿਸ਼ਾਲ ਕਰਨ ਦੀ ਰਣ-ਨੀਤੀ ਅਖਤਿਆਰ ਕਰ ਲਈ ਹੈ।

ਵਿਸ਼ਾਲ ਇਕੱਠ 'ਚ ਜ਼ਿਲ੍ਹਾ ਪ੍ਰਧਾਨ ਨਾਨਕ ਸਿੰਘ ਨੇ ਐਲਾਨ ਕੀਤਾ ਕਿ ਸਰਕਾਰ ਦੇ ਮਜ਼ਦੂਰ ਦੋਖੀ ਕਿਰਦਾਰ ਵਿਰੁੱਧ ਜ਼ਿਲ੍ਹੇ ਅੰਦਰ 15 ਤੋਂ 22 ਮਾਰਚ ਤੱਕ ਸਰਕਾਰ ਅਤੇ ਪ੍ਰਸਾਸ਼ਨ ਦੀਆਂ ਪਿੰਡ ਪਿੰਡ ਅਰਥੀਆਂ ਫੂਕੀਆਂ ਜਾਣਗੀਆਂ ਅਤੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਸ਼ਹੀਦੀ ਦਿਨ 'ਤੇ ਪਿੰਡਾਂ ਵਿੱਚ ਵਿਸ਼ਾਲ ਇਕੱਠ ਕਰਕੇ ਉਕਤ ਮੰਗਾਂ ਤੋਂ ਇਲਾਵਾ ਜ਼ਮੀਨੀ ਸੁਧਾਰ ਲਾਗੂ ਕਰਨ, ਕਿਸਾਨ-ਮਜ਼ਦੂਰ ਪੱਖੀ ਕਰਜ਼ਾ ਕਾਨੂੰਨ ਬਣਾਉਣ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕਰਕੇ 25 ਤੋਂ 31 ਮਾਰਚ ਤੱਕ ਸਿਆਪਾ ਕਾਨਫਰੰਸਾਂ ਕੀਤੀਆਂ ਜਾਣਗੀਆਂ।

ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਆਖਿਆ ਕਿ ਖੇਤ ਮਜ਼ਦੂਰਾਂ ਦਾ ਸੰਘਰਸ਼ ਹੁਣ ਪਿੰਡ ਪਿੰਡ ਗੂੰਜੇਗਾ, ਜੋ ਹਕੂਮਤ ਲਈ ਕਾਫੀ ਮਹਿੰਗਾ ਸਾਬਤ ਹੋਵੇਗਾ। ਉਹਨਾਂ ਆਖਿਆ ਕਿ ਮਜ਼ਦੂਰ ਮੰਗਾਂ ਸਬੰਧੀ ਧਾਰੀ ਸਰਕਾਰੀ ਚੁੱਪ ਨੇ ਸਾਬਤ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਦੇ ਸੰਗਤ ਦਰਸ਼ਨ ਖੇਤ ਮਜ਼ਦੂਰਾਂ ਅਤੇ ਲੋਕਾਂ ਲਈ ਖੇਖਣ ਤੋਂ ਵੱਧ ਹੋਰ ਕੁੱਝ ਨਹੀਂ। ਜਦੋਂ ਕਿ ਇਹੀ ਸੰਗਤ ਦਰਸ਼ਨ ਆਪਣੀ ਧਿਰ ਦੇ ਸਥਾਨਕ ਆਗੂਆਂ ਦਾ ਢਿੱਡ ਭਰਨ ਦਾ ਸਾਧਨ ਹਨ। ਉਹਨਾਂ ਆਖਿਆ ਕਿ ਜਿਹੜੇ ਪੰਜ ਵਾਰ ਮੁੱਖ ਮੰਤਰੀ ਬਣਨ ਦੇ ਬਾਵਜੂਦ ਆਪਣੇ ਹਲਕੇ ਅਤੇ ਜ਼ਿਲ੍ਹੇ ਦੇ ਮਜ਼ਦੂਰਾਂ ਨੂੰ ਛੱਤ ਨਹੀਂ ਦੇ ਸਕੇ, ਖੁਦਕੁਸ਼ੀਆਂ ਦੇ ਰਾਹ ਤੋਂ ਨਹੀਂ ਰੋਕ ਸਕੇ ਤੇ ਮਜ਼ਦੂਰ ਵਿਹੜਿਆਂ 'ਚੋਂ ਗੰਦੇ ਪਾਣੀ ਦਾ ਨਿਕਾਸ ਤੱਕ ਨਹੀਂ ਕਰਵਾ ਸਕੇ, ਉਹ ਵਿਕਾਸ ਦੇ ਦਾਅਵੇ ਕਾਹਦੇ ਸਿਰ 'ਤੇ ਕਰ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਵਿੱਚ ਬਦਅਮਨੀ ਦੀ ਹਾਲਤ, ਇਸ ਕਦਰ ਨਿੱਘਰ ਚੁੱਕੀ ਹੈ ਕਿ ਸੁਪਰੀਮ ਕੋਰਟ ਵੀ ਇਸ ਰਾਜ ਦੀ ਅੰਗਰੇਜ਼ਾਂ ਦੇ ਰਾਜ ਨਾਲ ਤੁਲਨਾ ਕਰ ਚੁੱਕੀ ਹੈ। ਉਹਨਾਂ ਕਿਹਾ ਕਿ ਸਰਕਾਰਾਂ ਦੀ ਵਡੱਤਣ ਖੇਤ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਸੰਕਟ-ਮੁਕਤ ਕਰਨ ਵਿੱਚ ਹੁੰਦੀ ਹੈ, ਨਾ ਕਿ ਉਹਨਾਂ ਦੇ ਸੰਘਰਸ਼ਾਂ ਨੂੰ ਅਣਗੌਲੇ ਕਰਨ ਅਤੇ ਜਬਰ ਦੇ ਜ਼ੋਰ ਦਬਾਉਣ ਨਾਲ ਹੁੰਦੀ ਹੈ। ਉਹਨਾਂ ਕਿਹਾ ਕਿ ਬਾਦਲ ਸਰਕਾਰ ਦੀ ਇਸ ਨੀਤੀ ਤੋਂ ਸਪੱਸ਼ਟ ਹੋ ਗਿਆ ਹੈ ਕਿ ਇਹ ਖੇਤ ਮਜ਼ਦੂਰਾਂ ਅਤੇ ਕਿਸਾਨਾਂ ਦੀ ਸਿਰ-ਵੱਢਵੀਂ ਦੁਸ਼ਮਣ ਹੈ। ਇਹ ਜਾਗੀਰਦਾਰਾਂ, ਸੂਦਖੋਰਾਂ, ਵੱਡੇ ਸਰਮਾਏਦਾਰਾਂ, ਸਾਮਰਾਜੀਆਂ, ਬਹੁਕੌਮੀ ਦੇਸੀ-ਬਦੇਸੀ ਕੰਪਨੀਆਂ ਦੀ ਚਹੇਤਾ ਸਰਕਾਰ ਹੈ।

ਔਰਤ ਆਗੂ ਗੁਰਮੇਲ ਕੌਰ ਅਤੇ ਕ੍ਰਿਸ਼ਨਾ ਦੇਵੀ ਨੇ ਆਖਿਆ ਕਿ ਹੁਣ ਮਜ਼ਦੂਰ ਔਰਤਾਂ ਵੀ ਟਿਕ ਕੇ ਨਹੀਂ ਬੈਠਣਗੀਆਂ ਤੇ ਸਿਆਪਾ ਕਾਨਫਰੰਸਾਂ ਦੀ ਕਮਾਂਡ ਖੁਦ ਸੰਭਾਲਣਗੀਆਂ।

ਭਰਾਤਰੀ ਤੌਰ 'ਤੇ ਪਹੁੰਚੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਹਰੀਰਾਮ ਚੱਕ ਸ਼ੇਰੇਵਾਲਾ ਨੇ ਮਜ਼ਦੂਰ ਘੋਲ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਮੈਡੀਕਲ ਪ੍ਰੈਕਟੀਨਰ ਐਸੋਸੀਏਸ਼ਨ ਦੇ ਆਗੂ ਡਾ. ਮਨਜਿੰਦਰ ਸਿੰਘ ਸਰਾਂ, ਨੌਜਵਾਨ ਭਾਰਤ ਸਭਾ ਦੇ ਫਕੀਰ ਚੰਦ ਆਦਿ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਸੁੱਖਾ ਸਿੰਘ, ਗੁਰਜੰਟ ਸਿੰਘ, ਰਾਜਾ ਸਿੰਘ, ਬਾਜ਼ ਸਿੰਘ ਤੇ ਜਸਵੰਤ ਰਾਏ ਨੇ ਸੰਬੋਧਨ ਕੀਤਾ।

ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਖੁੰਡੇਹਲਾਲ ਨੇ ਆਰ.ਐਮ.ਪੀ. ਡਾਕਟਰ ਯੂਨੀਅਨ, ਟੈਕਨੀਕਲ ਸਰਵਿਸ ਯੂਨੀਅਨ ਅਤੇ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਤੇ ਨੌਜਵਾਨ ਭਾਰਤ ਸਭਾ ਵੱਲੋਂ ਧਰਨੇ ਨੂੰ ਸਫਲ ਬਣਾਉਣ ਲਈ ਦਿੱਤੇ ਸਹਿਯੋਗ ਅਤੇ ਮੀਡੀਆ ਵੱਲੋਂ ਕੀਤੀ ਗਈ ਵਿਸ਼ੇਸ਼ ਕਵਰੇਜ ਦਾ ਧੰਨਵਾਦ ਕੀਤਾ।

ਜਾਰੀ ਕਰਤਾ-
ਨਾਨਕ ਸਿੰਘ ਜ਼ਿਲ੍ਹਾ ਪ੍ਰਧਾਨ (94170 79170)

No comments:

Post a Comment