ਭਾਰਤੀ ਹਾਕਮਾਂ ਵੱਲੋਂ ਆਦਿਵਾਸੀ ਖੇਤਰਾਂ, ਕਸ਼ਮੀਰੀ ਲੋਕਾਂ ਤੇ ਮੁਸਲਮ ਧਾਰਮਿਕ ਘੱਟ ਗਿਣਤੀ ਖਿਲਾਫ਼ ਵਿੱਢੇ ਵਹਿਸ਼ੀ ਜਾਬਰ ਹੱਲੇ ਦਾ ਡਟਵਾਂ ਵਿਰੋਧ ਕਰੋ
ਇਨਸਾਫ਼ ਪਸੰਦ ਲੋਕੋ!
ਭਾਰਤੀ ਹਾਕਮ ਜਮਾਤਾਂ ਦਾ ਕਿਰਤੀ ਲੋਕਾਂ ਖਿਲਾਫ਼ ਵਿੱਢਿਆ ਚੌਤਰਫ਼ਾ ਹੱਲਾ ਦਿਨੋ ਦਿਨ ਤੇਜ਼ ਹੋ ਰਿਹਾ ਹੈ। ਸਾਮਰਾਜੀ ਲੁਟੇਰਿਆਂ ਤੇ ਉਹਨਾਂ ਦੀਆਂ ਦਲਾਲ ਭਾਰਤੀ ਹਾਕਮ ਜਮਾਤਾਂ (ਵੱਡੇ ਸਰਮਾਏਦਾਰਾਂ ਤੇ ਭੋਂ-ਸਰਦਾਰਾਂ) ਵੱਲੋਂ ਰਲ਼ਕੇ ਲੋਕਾਂ ਦੀ ਲੁੱਟ ਖਸੁੱਟ ਤੇਜ਼ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਨੂੰ ਸਿਰੇ ਚੜਾਉਣ ਵਾਸਤੇ ਜਾਬਰ ਹੱਲੇ ਦੀ ਬੇ-ਦਰੇਗ ਵਰਤੋਂ ਕੀਤੀ ਜਾ ਰਹੀ ਹੈ। ਲੋਕਾਂ 'ਤੇ ਝੁਲਾਏ ਜਾ ਰਹੇ ਜਬਰ ਦੇ ਇਸ ਝੱਖੜ ਦੀ ਮਾਰ ਕਈ ਪਾਸਿਆਂ ਤੋਂ ਹੈ। ਇਹ ਜਾਬਰ ਹੱਲਾ ਇੱਕ ਪਾਸੇ ਤਾਂ ਭਾਰਤੀ ਹਾਕਮਾਂ ਵੱਲੋਂ ਲੋਕ ਉਜਾੜੇ ਦੀਆਂ ਨੀਤੀਆਂ ਮੂਹਰੇ ਅੜ-ਖੜ ਰਹੇ ਲੋਕਾਂ ਨੂੰ ਨਿਸ਼ਾਨਾ ਬਣਾਉਂਦਾ ਹੈ ਤੇ ਦੂਜੇ ਪਾਸੇ ਜਾਬਰ ਭਾਰਤੀ ਰਾਜ ਦੀਆਂ ਪਸਾਰਵਾਦੀ ਨੀਤੀਆਂ ਤਹਿਤ ਦਬਾਈਆਂ ਕੌਮੀਅਤਾਂ ਖਿਲਫ਼ ਸੇਧਤ ਹੈ। ਰਾਜ ਕਰ ਰਹੀ ਭਾਰਤੀ ਜਨਤਾ ਪਾਰਟੀ ਦੀਆਂ ਫਿਰਕੂ ਫਾਸ਼ੀ ਲਾਮਬੰਦੀਆਂ ਦੀਆਂ ਜ਼ਰੂਰਤਾਂ ਤਹਿਤ ਮੁਸਲਿਮ ਧਾਰਮਿਕ ਘੱਟ ਗਿਣਤੀ ਖਿਲਾਫ਼ ਸੇਧਤ ਹੈ। ਇਉਂ ਸਮੁੱਚੇ ਤੌਰ 'ਤੇ ਭਾਰਤੀ ਕਿਰਤੀ ਲੋਕਾਂ ਖਿਲਾਫ਼ ਬੋਲੇ ਹੋਏ ਇਸ ਜਾਬਰ ਹੱਲੇ ਦਾ ਆਦਿਵਾਸੀ, ਕਸ਼ਮੀਰੀ ਲੋਕ ਤੇ ਮੁਸਲਮਾਨ ਧਾਰਮਿਕ ਘੱਟ-ਗਿਣਤੀ ਵਿਸ਼ੇਸ਼ ਨਿਸ਼ਾਨਾ ਹਨ। ਬੀਤੇ ਤਾਜ਼ਾ ਅਰਸੇ ਦੌਰਾਨ ਵਾਪਰੀਆਂ ਘਟਨਾਵਾਂ ਏਸੇ ਨੂੰ ਦਰਸਾਉਂਦੀਆਂ ਹਨ। ਜਾਬਰ ਭਾਰਤੀ ਰਾਜ ਮਸ਼ੀਨਰੀ ਦੇ ਸਾਰੇ ਅੰਗਾਂ ਵੱਲੋਂ ਇੱਕਜੁੱਟ ਰੂਪ 'ਚ ਇਹਨਾਂ ਹਿੱਸਿਆਂ ਨੂੰ ਵਹਿਸ਼ੀ ਫੌਜੀ ਹਮਲੇ ਦੀ ਮਾਰ ਹੇਠ ਲਿਆਂਦਾ ਹੋਇਆ ਹੈ। ਇਹਨਾਂ ਖਿਲਾਫ਼ ਜਮਹੂਰੀ ਹੱਕੀ ਪੈਂਤੜੇ ਤੋਂ ਉੱਠਦੀ ਹਰ ਆਵਾਜ਼ ਨੂੰ ਦਬਾਉਣ-ਕੁਚਲਣ ਦਾ ਰਾਹ ਫੜਿਆ ਹੋਇਆ ਹੈ। ਇਉਂ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਹਕੂਮਤ ਹੇਠ ਭਾਰਤੀ ਰਾਜ ਦਾ ਲੋਕ ਵਿਰੋਧੀ ਤੇ ਜਾਬਰ ਚਿਹਰਾ ਦਿਨੋਂ ਦਿਨ ਹੋਰ ਵਧੇਰੇ ਉੱਘੜਦਾ ਜਾ ਰਿਹਾ ਹੈ।
ਵੱਖ ਵੱਖ ਪਾਰਟੀਆਂ ਦੀਆਂ ਸਰਕਾਰਾਂ ਵੱਲੋਂ ਖਣਿਜ-ਪਦਾਰਥਾਂ ਨਾਲ ਭਰਪੂਰ ਜੰਗਲੀ ਖੇਤਰਾਂ ਵਾਲੇ ਰਾਜਾਂ ਦੀਆਂ ਜਾਇਦਾਦਾਂ ਲੁਟਾਉਣ ਲਈ ਦੇਸੀ ਵਿਦੇਸ਼ੀ ਬਹੁਕੌਮੀ ਕੰਪਨੀਆਂ ਨਾਲ ਸੌਦੇ ਕੀਤੇ ਹੋਏ ਹਨ। ਵਿਕਾਸ ਦੇ ਨਾਂ ਹੇਠ ਕੀਤੇ ਇਹਨਾਂ ਸੌਦਿਆਂ ਤਹਿਤ ਕੰਪਨੀਆਂ ਨੂੰ ਖਣਿਜ ਪਦਾਰਥਾਂ ਦੇ ਭੰਡਾਰ ਕੌਡੀਆਂ ਦੇ ਭਾਅ ਲੁਟਾਏ ਜਾ ਰਹੇ ਹਨ ਤੇ ਇਹਨਾਂ ਖੇਤਰਾਂ 'ਚ ਯੁੱਗਾਂ ਤੋਂ ਵਸਦੀ ਆਦਿਵਾਸੀ ਜਨਤਾ ਦਾ ਉਜਾੜਾ ਕੀਤਾ ਜਾ ਰਿਹਾ ਹੈ। ਕੰਪਨੀਆਂ ਦੇ ਵੱਖ ਵੱਖ ਪ੍ਰੋਜੈਕਟਾਂ ਲਈ ਪਿੰਡਾਂ ਦੇ ਪਿੰਡ ਉਜਾੜਨ ਦਾ ਅਮਲ ਛੇੜਿਆ ਜਾ ਰਿਹਾ ਹੈ। ਲੋਕਾਂ ਨੂੰ ਜੂਨ-ਗੁਜ਼ਾਰੇ ਦਾ ਸਾਧਨ ਬਣਦੇ ਜੰਗਲਾਂ-ਜ਼ਮੀਨਾਂ ਤੋਂ ਵਿਰਵੇ ਕੀਤਾ ਜਾ ਰਿਹਾ ਹੈ। ਅਜਿਹੀ ਹਾਲਤ ਲੋਕ ਟਾਕਰੇ ਨੂੰ ਜਨਮ ਦੇ ਰਹੀ ਹੈ। ਇਸ ਲੋਕ ਟਾਕਰੇ ਨੂੰ ਕੁਚਲਣ ਤੇ ਲੋਕ ਉਜਾੜੇ ਲਈ ਭਾਰਤੀ ਹਾਕਮਾਂ ਵੱਲੋਂ ਅਪ੍ਰੇਸ਼ਨ ਗਰੀਨ ਹੰਟ ਦੇ ਨਾਂ ਹੇਠ ਵਹਿਸ਼ੀ ਫੌਜੀ ਹਮਲਾ ਬੋਲਿਆ ਹੋਇਆ ਹੈ। ਇਸ ਹਮਲੇ ਲਈ ਛੱਤੀਸਗੜ, ਝਾਰਖੰਡ, ਉੜੀਸਾ, ਆਂਧਰਾ ਤੇ ਮਹਾਂਰਾਸ਼ਟਰ ਦੇ ਜੰਗਲੀ ਖੇਤਰਾਂ ਦੀ ਪੱਟੀ 'ਤੇ ਸਾਲਾਂ ਤੋਂ ਭਾਰੀ ਫੌਜੀ ਲਸ਼ਕਰ ਚਾਹੜੇ ਹੋਏ ਹਨ ਜੋ ਦਿਨ ਦਿਹਾੜੇ ਆਦਿਵਾਸੀਆਂ ਦਾ ਸ਼ਿਕਾਰ ਕਰ ਰਹੇ ਹਨ। ਔਰਤਾਂ ਨਾਲ ਬਲਾਤਕਾਰ, ਝੂਠੇ ਪੁਲਿਸ ਮੁਕਾਬਲੇ, ਪਿੰਡਾਂ ਦੇ ਪਿਡਾਂ ਦਾ ਕੁਟਾਪਾ ਕਰਨ ਵਰਗੀਆਂ ਵਹਿਸ਼ੀ ਕਾਰਵਾਈਆਂ ਰੋਜ਼ ਦਾ ਵਰਤਾਰਾ ਹਨ। ਬੇਦੋਸ਼ੇ ਲੋਕਾਂ ਦੀ ਖੂਨ ਦੀ ਹੋਲੀ ਖੇਡੀ ਜਾ ਰਹੀ ਹੈ ਤੇ ਨਿੱਤ ਜਲਿਆਂਵਾਲੇ ਬਾਗ ਵਰਗੇ ਕਾਂਡ ਰਚੇ ਜਾ ਰਹੇ ਹਨ। ਹਕੂਮਤੀ ਕਹਿਰ ਦੀ ਇਹ ਦਾਸਤਾਨ ਬਾਹਰ ਆਉਣ ਤੋਂ ਰੋਕਣ ਲਈ ਪੱਤਰਕਾਰਾਂ ਤੇ ਮੀਡੀਆ ਕਰਮੀਆਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਇਹਨਾਂ ਖੇਤਰਾਂ 'ਚ ਨਪੀੜੇ ਜਾ ਰਹੇ ਲੋਕਾਂ ਲਈ ਹਾਅ ਦਾ ਨਾਅਰਾ ਮਾਰਨ ਵਾਲੇ ਜਮਹੂਰੀ ਹੱਕਾਂ ਦੇ ਕਾਰਕੁੰਨਾਂ, ਵਕੀਲਾਂ ਪੱਤਰਕਾਰਾਂ ਸਮੇਤ ਸਭਨਾਂ ਅਜਿਹੇ ਹਿੱਸਿਆਂ ਨੂੰ ਝੂਠੇ ਕੇਸਾਂ 'ਚ ਫਸਾਇਆ ਜਾ ਰਿਹਾ ਹੈ ਤੇ ਵਿਕਾਸ ਵਿਰੋਧੀ ਕਰਾਰ ਦਿੱਤਾ ਜਾਂਦਾ ਹੈ। ਮਜ਼ਲੂਮ ਆਦਿਵਾਸੀਆਂ ਦੇ ਹੱਕ 'ਚ ਆਵਾਜ਼ ਉਠਾਉਣਾ ਪੁਲਿਸ ਕਹਿਰ ਨੂੰ ਸੱਦਾ ਦੇਣਾ ਹੈ। ਦੂਰ ਦੁਰਾਡੇ ਬੈਠੇ ਬੁੱਧੀਜੀਵੀਆਂ ਨੂੰ ਵੀ ਅਜਿਹੇ ਹਕੂਮਤੀ ਜਬਰ ਖਿਲਾਫ਼ ਮੂੰਹ ਖੋਲਣ ਦੀ ਸਜ਼ਾ ਦੇ ਕੇ ਜਮਹੂਰੀ ਹਿੱਸਿਆਂ 'ਚ ਖੌਫ਼ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਹਿਲਾਂ ਦਿੱਲੀ ਯੂਨੀਵਰਸਿਟੀ ਦੇ ਪ੍ਰੋ. ਜੀ. ਐਨ. ਸਾਈਂਬਾਬਾ ਨੂੰ ਜੇਲ 'ਚ ਡੱਕਿਆ ਗਿਆ ਹੈ। ਹੁਣ ਦਿੱਲੀ ਤੋਂ ਹੀ ਪ੍ਰੋ. ਨੰਦਿਨੀ ਸੁੰਦਰ ਤੇ ਪ੍ਰੋ. ਅਰਚਨਾ ਪ੍ਰਸਾਦ ਨੂੰ ਝੂਠੇ ਕੇਸ 'ਚ ਉਲਝਾਇਆ ਗਿਆ ਹੈ। ਅਜਿਹੀਆਂ ਹੋਰ ਦਰਜਨਾਂ ਉਦਾਹਰਨਾਂ ਹਨ। ਇਹਨਾਂ ਖੇਤਰਾਂ 'ਚ ਐਮਰਜੈਂਸੀ ਤੋਂ ਵੀ ਬਦਤਰ ਹਾਲਾਤ ਹਨ। ਹੁਣ ਉੜੀਸਾ ਦੇ ਮਲਕਾਨਗਿਰੀ ਜ਼ਿਲੇ 'ਚ ਕੀਤਾ ਕਤਲੇਆਮ ਨੇੜਲੀ ਸਿਖਰਲੀ ਘਟਨਾ ਹੈ ਜੋ ਹਾਕਮਾਂ ਦੇ ਵਹਿਸ਼ੀ ਫੌਜੀ ਹਮਲੇ ਦੀ ਕਰੂਰਤਾ ਨੂੰ ਦਰਸਾਉਂਦੀ ਹੈ। ਆਪਣੀ ਮੀਟਿੰਗ ਕਰ ਰਹੇ ਮਾਉਵਾਦੀ ਕਾਰਕੁੰਨਾਂ ਤੇ ਆਦਿਵਾਸੀ ਲੋਕਾਂ ਨੂੰ ਘੇਰ ਕੇ ਕਤਲ ਕੀਤਾ ਗਿਆ ਹੈ। ਬਾਕੀਆਂ ਨੂੰ ਆਲ਼ੇ ਦੁਆਲ਼ੇ ਤੋਂ ਗ੍ਰਿਫ਼ਤਾਰ ਕਰਕੇ ਝੂਠੇ ਮੁਕਾਬਲੇ ਦਰਸਾ ਕੇ ਮਾਰਿਆ ਗਿਆ ਹੈ। ਇਉਂ 32 ਵਿਅਕਤੀਆਂ ਨੂੰ ਦੋ ਤਿੰਨ ਦਿਨਾਂ 'ਚ ਵਹਿਸ਼ੀ ਢੰਗ ਨਾਲ ਕਤਲ ਕਰ ਦਿੱਤਾ ਗਿਆ ਹੈ। ਉੜੀਸਾ ਪੁਲਿਸ ਨੇ ਕਿਸੇ ਤਰਾਂ ਦੇ ਨਿਯਮ ਕਾਨੂੰਨ ਦੀ ਕੋਈ ਪ੍ਰਵਾਹ ਨਾ ਕਰਦਿਆਂ ਇਹਨਾਂ ਨੂੰ ਮਾਰ ਮੁਕਾਉਣ ਦੇ ਮਕਸਦ ਦਾ ਖੁੱਲਮ ਖ਼ੁੱਲਾਹ ਐਲਾਨ ਕੀਤਾ ਹੈ। ਨਕਸਲੀ ਕਾਰਕੁੰਨ ਅਜਿਹੀ ਸ਼ਕਤੀ ਹਨ ਜੋ ਆਦਿਵਾਸੀ ਖੇਤਰਾਂ 'ਚ ਲੋਕਾਂ ਦੀ ਜਦੋਜਹਿਦ ਦੇ ਮੋਹਰੀ ਬਣਕੇ ਨਿਭ ਰਹੇ ਹਨ ਤੇ ਭਾਰਤੀ ਹਾਕਮ ਇਹਨਾਂ ਨੂੰ ਦਹਿਸ਼ਤਗਰਦ ਦਰਸਾ ਕੇ ਇਹਨਾਂ ਦੇ ਖੂਨ ਦੀ ਹੋਲੀ ਖੇਡ ਰਹੇ ਹਨ।
ਭਾਰਤੀ ਹਾਕਮ ਕਸ਼ਮੀਰੀ ਲੋਕਾਂ ਦੇ ਹੱਕੀ ਸੰਘਰਸ਼ ਨੂੰ ਲਹੂ 'ਚ ਡੁਬੋਣ ਲਈ ਅੱਡੀ ਚੋਟੀ ਦਾ ਜ਼ੋਰ ਲਾਉਂਦੇ ਆ ਰਹੇ ਹਨ। ਕਸ਼ਮੀਰ 'ਤੇ ਭਾਰਤੀ ਹਾਕਮਾਂ ਨੇ ਧੱਕੇ ਨਾਲ ਕਬਜ਼ਾ ਜਮਾਇਆ ਹੋਇਆ ਹੈ ਤੇ ਇਸਨੂੰ ਬਰਕਰਾਰ ਰੱਖਣ ਲਈ ਉਥੇ ਅਫਸਪਾ ਕਾਨੂੰਨ ਤਹਿਤ ਫੌਜੀ ਰਾਜ ਮੜਿ•ਆ ਹੋਇਆ ਹੈ। ਕਸ਼ਮੀਰ ਦੇ ਚੱਪੇ-ਚੱਪੇ 'ਤੇ ਹਥਿਆਰਬੰਦ ਫੌਜੀ ਬਲ ਤਾਇਨਾਤ ਹਨ ਜੋ ਕਸ਼ਮੀਰੀ ਲੋਕਾਂ ਲਈ ਦਹਾਕਿਆਂ ਤੋਂ ਆਫ਼ਤ ਬਣੇ ਹੋਏ ਹਨ। ਇਹਨਾਂ ਫੌਜੀ ਬਲਾਂ ਵੱਲੋਂ ਕਸ਼ਮੀਰੀ ਔਰਤਾਂ ਨਾਲ ਬਲਾਤਕਾਰ ਕਰਨ, ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਨਾਲ ਕਤਲ ਕਰਨ ਅਤੇ ਪੈਰ ਪੈਰ 'ਤੇ ਕਸ਼ਮੀਰੀ ਲੋਕਾਂ ਨੂੰ ਜ਼ਲੀਲ ਕਰਨਾ ਰੋਜ਼ ਦਾ ਵਰਤਾਰਾ ਹੈ। ਕਸ਼ਮੀਰ 'ਚ ਭਾਰਤੀ ਫੌਜ ਵੱਲੋਂ ਅਗਵਾ ਕਰਕੇ ਗੁੰਮਸ਼ੁਦਾ ਕਰਾਰ ਦਿੱਤੇ ਨੌਜਵਾਨਾਂ ਦੀਆਂ ਲੰਮੀਆਂ ਸੂਚੀਆਂ ਹਨ ਤੇ ਇਉਂ ਹੀ ਗੁੰਮਨਾਮ ਕਬਰਾਂ ਦੀਆਂ ਲੰਮੀਆਂ ਲੜੀਆਂ ਹਨ। ਦਹਾਕਿਆਂ ਦਾ ਅਜਿਹਾ ਵਹਿਸ਼ੀ ਜਬਰ ਵੀ ਕਸ਼ਮੀਰੀ ਲੋਕਾਂ ਦੀ ਸਵੈ-ਨਿਰਣੇ ਦੇ ਹੱਕ ਲਈ ਤਾਂਘ ਨੂੰ ਮੱਠਾ ਨਹੀਂ ਪਾ ਸਕਿਆ ਤੇ ਵਾਰ-ਵਾਰ ਕਸ਼ਮੀਰੀ ਲੋਕ ਇਸ ਮੰਗ ਨੂੰ ਲੈ ਕੇ ਸੜਕਾਂ 'ਤੇ ਨਿੱਤਰਦੇ ਹਨ ਤੇ ਮਹੀਨਿਆਂ ਬੱਧੀ ਲੰਮੇ ਜਨਤਕ ਉਭਾਰਾਂ ਦੇ ਵਾਰ-ਵਾਰ ਗੇੜ ਆਉਂਦੇ ਹਨ। ਹੁਣ ਫਿਰ ਨੌਜਵਾਨ ਖਾੜਕੂ ਬੁਰਹਾਨ ਵਾਨੀ ਦੇ ਭਾਰਤੀ ਫੌਜ ਵੱਲੋਂ ਕੀਤੇ ਕਤਲ ਤੋਂ ਮਗਰੋਂ ਕਸ਼ਮੀਰ 'ਚ ਇੱਕ ਲਾ-ਮਿਸਾਲ ਜਨਤਕ ਉਭਾਰ ਉੱਠਿਆ। ਭਾਰਤੀ ਰਾਜ ਤੇ ਫੌਜ ਦੇ ਖਿਲਾਫ਼ ਜਨ-ਸੈਲਾਬ ਮਹੀਨਿਆਂ ਬੱਧੀ ਸੜਕਾਂ 'ਤੇ ਨਿੱਤਰਦਾ ਰਿਹਾ ਹੈ। ਭਾਰਤੀ ਫੌਜ ਦੇ ਜਬਰ ਨੇ ਸਿਖਰਾਂ ਛੋਹੀਆਂ ਹਨ। ਰੋਸ ਮੁਜ਼ਾਹਰਿਆਂ 'ਤੇ ਸ਼ਰੇਆਮ ਗੋਲੀਆਂ ਚਲਾ ਕੇ ਲਗਭਗ 100 ਵਿਅਕਤੀ ਕਤਲ ਕੀਤੇ ਹਨ, ਹਜ਼ਾਰਾਂ ਜਖਮੀ ਕੀਤੇ ਹਨ। ਲਗਭਗ 1000 ਨੌਜਵਾਨਾਂ ਦੀਆਂ ਅੱਖਾਂ ਦੀ ਜੋਤ ਭਾਰਤੀ ਫੌਜ ਦੀਆਂ ਛਰਿਆਂ ਵਾਲੀਆਂ ਬੰਦੂਕਾਂ ਨੇ ਖੋਹੀ ਹੈ। 2200 'ਤੇ ਕੇਸ ਦਰਜ ਕੀਤੇ ਗਏ ਹਨ। ਹਜ਼ਾਰਾਂ ਲੋਕ ਜੇਹਲਾਂ 'ਚ ਸੁੱਟੇ ਹਨ। ਮਹੀਨਿਆਂ ਬੱਧੀ ਲੋਕਾਂ ਨੇ ਕਰਫਿਊ 'ਚ ਦਿਨ ਕੱਟੇ ਹਨ। ਇੰਟਰਨੈੱਟ, ਫੋਨਾਂ, ਅਖਬਾਰਾਂ 'ਤੇ ਪਾਬੰਦੀਆਂ ਲੱਗੀਆਂ ਹਨ। ਪਰ ਭਾਰਤੀ ਰਾਜ ਤੇ ਫੌਜ ਦਾ ਅਜਿਹਾ ਅਕਹਿ ਜਬਰ ਵੀ ਕਸ਼ਮੀਰੀ ਲੋਕਾਂ ਦੀ ਹੱਕੀ ਲਹਿਰ ਨੂੰ ਦਬਾਉਣ ਕੁਚਲਣ 'ਚ ਨਾਕਾਮ ਰਿਹਾ ਹੈ। ਕਸ਼ਮੀਰੀ ਲੋਕਾਂ ਦੀ ਜਦੋਜਹਿਦ ਨੂੰ ਪਾਕਿਸਤਾਨ ਸ਼ਹਿ-ਪ੍ਰਾਪਤ ਦੱਸਦੇ ਆਉਂਦੇ ਭਾਰਤੀ ਹਾਕਮਾਂ ਦੇ ਦਾਅਵਿਆਂ ਦੀ ਇਸ ਵਿਸ਼ਾਲ ਜਨਤਕ ਉਭਾਰ ਨੇ ਮੁੜ ਫੂਕ ਕੱਢ ਦਿੱਤੀ ਹੈ। ਹਜ਼ਾਰਾਂ-ਦਹਿ ਹਜ਼ਾਰਾਂ ਦੇ ਉਮੜਦੇ ਜਨ-ਸੈਲਾਬਾਂ ਨੇ ਭਾਰਤੀ ਹਾਕਮਾਂ ਦੇ ਅਜਿਹੇ ਸਭ ਦਾਅਵੇ ਧੂੰਏ 'ਚ ਉਡਾ ਦਿੱਤੇ ਹਨ।
ਕਸ਼ਮੀਰੀ ਲੋਕਾਂ ਦੀ ਕੌਮੀ ਸਵੈ-ਨਿਰਣੇ ਦੀ ਮੰਗ ਪੂਰੀ ਤਰਾਂ ਹੱਕੀ ਤੇ ਵਾਜਬ ਮੰਗ ਹੈ ਤੇ ਸਭਨਾਂ ਭਾਰਤੀ ਲੋਕਾਂ ਨੂੰ ਇਸਦਾ ਸਮਰਥਨ ਕਰਨਾ ਚਾਹੀਦਾ ਹੈ। ਭਾਰਤੀ ਹਾਕਮ ਦਹਾਕਿਆਂ ਤੋਂ ਰਾਇ-ਸ਼ੁਮਾਰੀ ਕਰਵਾਉਣ ਦੇ ਵਾਅਦੇ ਤੋਂ ਫਿਰਦੇ ਗਏ ਹਨ ਤੇ ਮਗਰੋਂ ਕਸ਼ਮੀਰ ਨੂੰ ਭਾਰਤ ਦਾ ਅਟੁੱਟ ਅੰਗ ਗਰਦਾਨਣ ਲੱਗ ਗਏ ਹਨ ਤੇ ਕਸ਼ਮੀਰੀ ਲੋਕਾਂ ਦੇ ਹੱਕ 'ਚ ਆਵਾਜ਼ ਉਠਾਉਣ ਵਾਲੇ ਹਿੱਸਿਆਂ ਨੂੰ ਦੇਸ਼ ਧ੍ਰੋਹੀ ਕਰਾਰ ਦੇ ਕੇ ਹਮਲੇ ਹੇਠ ਲਿਆਉਂਦੇ ਹਨ। ਇਹ ਭਾਰਤੀ ਹਾਕਮ ਜਮਾਤਾਂ ਦਾ ਸਾਂਝਾ ਪੈਂਤੜਾ ਹੈ। ਆਪਣੇ ਪਸਾਰਵਾਦੀ ਮਨਸ਼ਿਆਂ ਕਰਕੇ ਤੇ ਪਾਕਿਸਤਾਨੀ ਹਾਕਮਾਂ ਨਾਲ ਭੇੜ ਦੀਆਂ ਫੌਜੀ ਜ਼ਰੂਰਤਾਂ ਕਰਕੇ ਕਸ਼ਮੀਰ ਨੂੰ ਭਾਰਤੀ ਹਾਕਮ ਆਪਣੇ ਕਬਜ਼ੇ 'ਚ ਰੱਖਣਾ ਚਾਹੁੰਦੇ ਹਨ। ਇਹ ਭਾਰਤੀ ਹਾਕਮ ਜਮਾਤਾਂ ਦੀ ਸਾਂਝੀ ਜ਼ਰੂਰਤ ਹੈ। ਤੇ ਭਾਰਤੀ ਕਿਰਤੀ ਲੋਕਾਂ ਦਾ ਇਹ ਸਾਂਝਾ ਫਰਜ਼ ਹੈ ਕਿ ਉਹ ਭਾਰਤੀ ਰਾਜ ਦੇ ਕਬਜ਼ੇ ਖਿਲਾਫ਼ ਜੂਝਦੇ ਕਸ਼ਮੀਰੀ ਲੋਕਾਂ ਨਾਲ ਸਾਂਝੀ ਸੰਗਰਾਮੀ ਜੋਟੀ ਉਸਾਰਨ ਤੇ ਰਲਕੇ ਭਾਰਤੀ ਹਾਕਮਾਂ ਦੇ ਲੁਟੇਰੇ ਰਾਜ ਖਿਲਾਫ਼ ਸੰਘਰਸ਼ ਕਰਨ ਤੇ ਕਸ਼ਮੀਰੀ ਲੋਕਾਂ ਦੇ ਸਵੈ-ਨਿਰਣੇ ਦੇ ਹੱਕ ਨੂੰ ਡਟ ਕੇ ਬੁਲੰਦ ਕਰਨ।
ਆਪਣੀਆਂ ਫਿਰਕੂ ਫਾਸ਼ੀ ਲਾਮਬੰਦੀਆਂ ਲਈ ਤੇ ਲੋਕਾਂ ਦੀ ਜਮਾਤੀ ਏਕਤਾ 'ਚ ਪਾਟਕ ਪਾਉਣ ਦੇ ਮਨਸੂਬਿਆਂ ਲਈ ਭਾਜਪਾ ਵੱਲੋਂ ਮੁਸਲਮਾਨ ਧਾਰਮਿਕ ਘੱਟ ਗਿਣਤੀਆਂ ਖਿਲਾਫ਼ ਫਿਰਕੂ ਹੱਲਾ ਸੇਧਿਆ ਹੋਇਆ ਹੈ ਤੇ ਇਸ ਹੱਲੇ ਲਈ ਰਾਜ ਮਸ਼ੀਨਰੀ ਦੀ ਖੁੱਲਮ ਖੁੱਲੀ ਵਰਤੋਂ ਕੀਤੀ ਜਾ ਰਹੀ ਹੈ। ਮੁਸਲਮ ਧਾਰਮਿਕ ਫਿਰਕੇ ਖਿਲਾਫ਼ ਜ਼ਹਿਰੀਲੇ ਫਿਰਕੂ ਪ੍ਰਚਾਰ ਰਾਹੀਂ ਹਿੰਦੂ ਫਿਰਕਾਪ੍ਰਸਤੀ ਨੂੰ ਹਵਾ ਦੇ ਕੇ ਫਿਰਕੂ ਫਾਸ਼ੀ ਲਾਮਬੰਦੀਆਂ ਕੀਤੀਆਂ ਜਾ ਰਹੀਆਂ ਹਨ। ਹਿੰਦੂ ਰਾਸ਼ਟਰ ਬਣਾਉਣ ਦੇ ਨਾਂ ਤੇ ਹਿੰਦੂ ਧਾਰਮਿਕ ਜਨਤਾ ਦੀਆਂ ਫਿਰਕੂ ਭਾਵਨਾਵਾਂ ਉਭਾਰ ਕੇ ਇਸਨੂੰ ਦੇਸ਼ ਭਗਤੀ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਦੇਸ਼ ਭਰ 'ਚ ਗਊ-ਮਾਸ ਦਾ ਮਸਲਾ ਖੜਾ ਕਰਕੇ, ਗਊ-ਰਾਖਿਆਂ ਦੇ ਗ੍ਰੋਹ ਜਥੇਬੰਦ ਕਰਕੇ ਧਾਰਮਿਕ ਘੱਟ ਗਿਣਤੀਆਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਲਵ ਜਿਹਾਦ, ਘਰ ਵਾਪਸੀ ਵਰਗੀਆਂ ਪਿਛਾਖੜੀ ਮੁਹਿੰਮਾਂ ਰਾਹੀਂ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਸਮਾਜ 'ਚ ਫਿਰਕੂ ਵੰਡੀਆਂ ਡੂੰਘੀਆਂ ਕੀਤੀਆਂ ਜਾ ਰਹੀਆਂ ਹਨ। ਇਹਨਾਂ ਮਕਸਦਾਂ ਦੀ ਪੂਰਤੀ ਲਈ ਹੀ ਸਿਮੀ ਨਾਂ ਦੀ ਜਥੇਬੰਦੀ ਦੇ ਕਾਰਕੁੰਨਾਂ ਨੂੰ ਭੁਪਾਲ ਜੇਲ 'ਚੋਂ ਕੱਢ ਕੇ ਕਤਲ ਕੀਤਾ ਗਿਆ ਹੈ। ਪੁਲਿਸ ਵੱਲੋਂ ਝੂਠੀ ਤੇ ਬੇਸਿਰ ਪੈਰ ਦੀ ਕਹਾਣੀ ਘੜੀ ਗਈ ਹੈ। ਇਉਂ ਆਪਣੇ ਫਿਰਕੂ ਫਾਸ਼ੀ ਮਨਸੂਬਿਆਂ ਤੇ ਸੌੜੇ ਚੋਣ ਸੁਆਰਥਾਂ ਲਈ ਸ਼ਰੇਆਮ ਮੁਸਲਮਾਨ ਵਿਅਕਤੀਆਂ ਦੀ ਬਲੀ ਦਿੱਤੀ ਗਈ ਹੈ। ਜਦਕਿ ਇਹਨਾਂ ਮਹੀਨਿਆਂ ਦੌਰਾਨ ਹੀ ਹਿੰਦੂ ਫਿਰਕਾਪ੍ਰਸਤ ਦਹਿਸ਼ਤੀ ਜਥੇਬੰਦੀਆਂ ਦੇ ਆਗੂ/ਕਾਰਕੁੰਨਾਂ ਨੂੰ ਸੈਂਕੜੇ ਬੇਕਸੂਰਾਂ ਦੇ ਕਤਲੇਆਮ ਵਾਲੇ ਕੇਸਾਂ 'ਚੋਂ ਬਰੀ ਕਰਵਾਇਆ ਜਾ ਰਿਹਾ ਹੈ। ਇਉਂ ਬੀ. ਜੇ. ਪੀ. ਬਾਬਰੀ ਮਸਜਿਦ ਤੇ ਗੁਜਰਾਤ ਕਤਲੇਆਮ ਦੀ ਆਪਣੀ ਫਿਰਕੂ ਵਿਰਾਸਤ ਨੂੰ ਐਲਾਨੀਆ ਅੱਗੇ ਵਧਾ ਰਹੀ ਹੈ।
ਬੀਤੇ ਅਰਸੇ ਦੌਰਾਨ ਵਾਪਰੇ ਤਾਜ਼ਾ ਕਾਂਡ ਆਦਿਵਾਸੀਆਂ, ਕਸ਼ਮੀਰੀ ਲੋਕਾਂ ਤੇ ਮੁਸਲਮਾਨ ਧਾਰਮਿਕ ਘੱਟ ਗਿਣਤੀ ਖਿਲਾਫ਼ ਤੇਜ਼ ਹੋਏ ਜਾਬਰ ਹੱਲੇ ਨੂੰ ਸਪੱਸ਼ਟ ਦਰਸਾਉਂਦੇ ਹਨ। ਇਹ ਲੁਟੇਰੇ ਤੇ ਜਾਬਰ ਭਾਰਤੀ ਰਾਜ ਦੀ ਨੀਤੀ ਨੂੰ ਮੁੜ ਉਘਾੜਦੇ ਹਨ ਜਿਸਦੇ ਜ਼ੋਰ ਭਾਰਤੀ ਹਾਕਮ ਬੀਤੇ 70 ਸਾਲਾਂ ਤੋਂ ਰਾਜਭਾਗ ਚਲਾ ਰਹੇ ਹਨ। ਹੁਣ ਏਸੇ ਜਾਬਰ ਰਾਜ ਮਸ਼ੀਨਰੀ 'ਤੇ ਕਾਬਜ਼ ਹੋਈ ਬੀ. ਜੇ. ਪੀ. ਵੱਲੋਂ ਇਸ ਜਬਰ ਦੀ ਨੀਤੀ ਦੇ ਨਾਲ ਨਾਲ ਫਿਰਕੂ ਫਾਸ਼ੀ ਲਾਮਬੰਦੀਆਂ ਦਾ ਪੱਤਾ ਜ਼ੋਰ ਸ਼ੋਰ ਨਾਲ ਵਰਤਿਆ ਜਾ ਰਿਹਾ ਹੈ। ਇੱਕ ਪਾਸੇ ਜਾਬਰ ਕਾਲੇ ਕਾਨੂੰਨਾਂ ਦੀ ਬੇਰੋਕ ਟੋਕ ਵਰਤੋਂ ਹੋ ਰਹੀ ਹੈ ਤੇ ਫੌਜਾਂ-ਪੁਲਸਾਂ ਤੋਂ ਲੈ ਕੇ ਅਦਾਲਤਾਂ ਤੱਕ ਏਸੇ ਮਕਸਦਾਂ ਦੀ ਪੂਰਤੀ ਲਈ ਝੋਕੀਆਂ ਗਈਆਂ ਹਨ। ਦੂਜੇ ਹੱਥ ਹੱਕਾਂ ਲਈ ਜੂਝਦੇ ਲੋਕਾਂ ਖਿਲਾਫ਼ ਪਿਛਾਖੜੀ ਲਾਮਬੰਦੀਆਂ ਲਈ ਯਤਨ ਤੇਜ਼ ਹੋ ਰਹੇ ਹਨ। ਮੁਲਕ ਭਰ 'ਚ ਹੀ ਦੇਸ਼ ਭਗਤੀ ਦੇ ਨਾਅਰਿਆਂ ਹੇਠ ਹਿੰਦੂ ਫਿਰਕੂ ਭੀੜਾਂ ਜੁਟਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਇਹ ਦੇਸ਼ ਭਗਤੀ ਪਾਕਿਸਤਾਨ ਤੇ ਮੁਸਲਿਮ ਜਨਤਾ ਖਿਲਾਫ਼ ਜ਼ਹਿਰੀਲੇ ਬਾਣਾਂ ਵਾਲੀ ਹੈ। ਇਹਨਾਂ ਬਾਣਾਂ ਨਾਲ ਕਸ਼ਮੀਰੀ ਲੋਕਾਂ ਦੇ ਸੰਘਰਸ਼ ਨੂੰ ਲਹੂ 'ਚ ਡੁਬੋਣ ਲਈ ਸ਼ਾਵਨਵਾਦੀ ਮਾਹੌਲ ਦੀ ਸਿਰਜਣਾ ਹੁੰਦੀ ਹੈ ਤੇ ਭਾਰਤੀ ਲੋਕਾਂ ਦੇ ਮਨਾਂ 'ਚ ਕਸ਼ਮੀਰੀ ਲੋਕਾਂ 'ਤੇ ਜਬਰ ਲਈ ਵਾਜਬੀਅਤ ਦਾ ਪੈਂਤੜਾ ਉਸਾਰਿਆ ਜਾਂਦਾ ਹੈ। ਏਸੇ ਪੈਂਤੜੇ 'ਚੋਂ ਹੀ ਪਾਕਿਸਤਾਨ ਨਾਲ ਜੰਗ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ, ਸਰਹੱਦ 'ਤੇ ਤਣਾਅ ਬਣਾ ਕੇ ਰੱਖਿਆ ਜਾ ਰਿਹਾ ਹੈ। ਸਰਜੀਕਲ ਸਟਰਾਈਕ ਵਰਗੀਆਂ ਚੱਕਵੀਆਂ ਕਾਰਵਾਈਆਂ ਤੇ ਹੋਕਰਿਆਂ ਦਰਮਿਆਨ ਅੰਨੀ ਕੌਮਪ੍ਰਸਤੀ ਤੇ ਕੌਮੀ ਜਨੂੰਨ ਨੂੰ ਹਵਾ ਦਿੱਤੀ ਜਾ ਰਹੀ ਹੈ ਤੇ ਮੁਲਕ ਦੇ ਲੋਕਾਂ ਦੇ ਹਕੀਕੀ ਮੁੱਦਿਆਂ ਨੂੰ ਏਸੇ ''ਦੇਸ਼ ਭਗਤੀ'' ਦੀ ਹਨੇਰੀ 'ਚ ਰੋਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਾਬਰ ਭਾਰਤੀ ਹਾਕਮਾਂ ਦੇ ਇਸ ਫਿਰਕੂ ਫਾਸ਼ੀ ਤੇ ਜਾਬਰ ਹੱਲੇ ਦਾ ਵਿਸ਼ਾਲ ਲੋਕ ਏਕਤਾ ਉਸਾਰਦੇ ਹੋਏ ਜ਼ੋਰਦਾਰ ਵਿਰੋਧ ਕਰਨਾ ਚਾਹੀਦਾ ਹੈ। ਇਸ ਲਈ ਸਭਨਾਂ ਲੋਕ ਪੱਖੀ, ਇਨਕਲਾਬੀ-ਜਮਹੂਰੀ ਤੇ ਖਰੀਆਂ ਕੌਮ ਪ੍ਰਸਤ ਤਾਕਤਾਂ ਨੂੰ ਧਰਮ ਨਿਰਪੱਖ ਤੇ ਖਰੇ ਜਮਹੂਰੀ ਪੈਂਤੜੇ ਤੋਂ ਇੱਕਜੁਟ ਤੇ ਸਾਂਝੇ ਵਿਰੋਧ ਦਾ ਪੈਂਤੜਾ ਉਸਾਰਨ ਲਈ ਯਤਨ ਜੁਟਾਉਣੇ ਚਾਹੀਦੇ ਹਨ। ਜਮਾਤੀ ਮਸਲਿਆਂ 'ਤੇ ਹੱਕੀ ਘੋਲ ਤੇਜ਼ ਕਰਨੇ ਚਾਹੀਦੇ ਹਨ ਤੇ ਭਾਰਤੀ ਹਾਕਮਾਂ ਦੀਆਂ ਝਲਿਆਈਆਂ ਜੰਗੀ ਮੁਹਿੰਮਾਂ ਖਿਲਾਫ਼ ਲੋਕ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਆਦਿਵਾਸੀ ਖੇਤਰਾਂ ਤੇ ਕਸ਼ਮੀਰ 'ਚੋਂ ਫੌਜਾਂ ਵਾਪਸ ਬੁਲਾਉਣ ਅਤੇ ਜਮਹੂਰੀ ਮਾਹੌਲ ਸਿਰਜਣ ਦੀ ਮੰਗ ਲਈ ਮੁਲਕ ਦੇ ਸਭਨਾਂ ਕਿਰਤੀ ਲੋਕਾਂ ਨੂੰ ਡਟਣਾ ਚਾਹੀਦਾ ਹੈ।
ਵੱਲੋਂ: ਹਕੂਮਤੀ ਜਬਰ ਵਿਰੁੱਧ ਕਮੇਟੀ, ਪੰਜਾਬ
ਜਾਰੀ ਕਰਦਾ: ਦਰਸ਼ਨ ਖਟਕੜ, ਅਜਮੇਰ ਸਿੰਘ, ਕੰਵਲਜੀਤ ਖੰਨਾ, ਨਰਾਇਣ ਦੱਤ, ਨਰਿੰਦਰ ਜੀਤ, ਅਮੋਲਕ ਸਿੰਘ, ਬਲਵੰਤ ਮਖੂ, ਸੁਖਵਿੰਦਰ ਕੌਰ, ਸ਼ਿੰਦਰ ਨੱਥੂਵਾਲਾ, ਰਜੇਸ਼ ਮਲਹੋਤਰਾ
No comments:
Post a Comment