Friday, September 12, 2014
ਮਜ਼ਦੂਰ ਘੋਲਾਂ ਦਾ ਸਿਰੜੀ ਜਰਨੈਲ ਸੀ ਨਾਨਕ ਸਿੰਘ ਸਿੰਘੇਵਾਲਾ: ਨਸਰਾਲੀ
Thursday, September 11, 2014
ਕੰਮੀਆਂ ਦੇ ਵਿਹੜੇ ਦਾ ਮਘਦਾ ਸੂਰਜ -ਨਾਨਕ ਸਿੰਘ
Saturday, May 12, 2012
ਲੋਕ ਮਸਲੇ
ਕੋਈ ਵੇਲਾ ਸੀ ਜਦੋਂ ਪੰਚਾਇਤ ਨੂੰ ਰੱਬ ਦੇ ਬਰੋਬਰ ਮੰਨਿਆ ਜਾਂਦਾ ਸੀ। ''ਜੀਹਨੇ ਪੰਚਾਇਤ ਧੱਕਤੀ- ਉਹਨੇ ਰੱਬ ਧੱਕਤਾ'' ਵਰਗੀਆਂ ਕਹਾਵਤਾਂ ਲੋਕਾਂ ਦੇ ਪੰਚਾਇਤਾਂ ਉਪਰ ਬੱਝੇ ਅੰਨ੍ਹੇ ਭਰੋਸੇ ਨੂੰ ਹੀ ਰੂਪਮਾਨ ਕਰਦੀਆਂ ਹਨ। ਪਰ ਸਮੇਂ ਦੇ ਬਦਲੇ ਹੋਏ ਗੇੜ ਨੇ ਪੰਚਾਇਤ ਦਾ ਰੁਤਬਾ ਵੀ ਬਦਲ ਦਿੱਤਾ ਹੈ। ਹੁਣ ਇਹ ਭਾਈਚਾਰੇ ਦੀ ਸਾਂਝੀ ਸੰਸਥਾ ਦੀ ਥਾਂ ਰਾਜ-ਭਾਗ ਦੀ ਇੱਕ ਅਟੁੱਟ ਅਤੇ ਮੁੱਢਲੀ ਕੜੀ ਦਾ ਰੂਪ ਧਾਰਨ ਕਰ ਚੁੱਕੀਆਂ ਹਨ। ਰਾਜ-ਭਾਗ ਦੇ ਸਿਖਰਲੇ ਡੰਡੇ (ਵਿਧਾਨ ਸਭਾਵਾਂ/ਪਾਰਲੀਮੈਂਟ) 'ਤੇ ਕਾਬਜ਼ ਹੋਣ ਲਈ ਤਿੰਘ ਰਹੀਆਂ ਹਾਕਮ ਜਮਾਤੀ ਸਿਆਸੀ ਪਾਰਟੀਆਂ ਲਈ ਪੰਚਾਇਤਾਂ ਵੋਟਾਂ ਦੇ ਗੁਥਲੇ ਹਨ। ਕਿਸੇ ਸਿਆਸੀ ਪਾਰਟੀ ਦਾ ਜਿੰਨਾ ਵੱਧ ਪਿੰਡਾਂ ਦੀਆਂ ਪੰਚਾਇਤਾਂ 'ਤੇ ਕਬਜ਼ਾ ਹੋਵੇਗਾ, ਓਹਨਾ ਹੀ ਉਸਦਾ ਚੋਣਾਂ ਦੌਰਾਨ ਹੱਥ ਉੱਤੋਂ ਦੀ ਹੋਵੇਗਾ। ਇਸੇ ਲਈ ਪੰਚਾਇਤੀ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਲਟੋ-ਪੀਂਘ ਹੁੰਦੀਆਂ ਵੇਖੀਆਂ ਜਾਂਦੀਆਂ ਹਨ ਅਤੇ ਪੰਚਾਇਤ ਉਪਰ ਕਾਬਜ਼ ਹੋਣ ਲਈ ਪਿੰਡ ਦੇ ਜਾਗੀਰਦਾਰਾਂ/ਵੱਡੇ ਚੌਧਰੀਆਂ ਦੇ ਧੜਿਆਂ ਵੱਲੋਂ ਆਪੋ ਆਪਣੇ ਪੱਖ 'ਚ ਵੋਟਾਂ ਭੁਗਤਾਉਣ ਲਈ ਸਿਰੇ ਦਾ ਤਾਣ ਲਾਇਆ ਜਾਂਦਾ ਹੈ। ਨਸ਼ੇ ਵੰਡੇ ਜਾਂਦੇ ਹਨ। ਵੋਟਾਂ ਖਰੀਦੀਆਂ ਜਾਂਦੀਆਂ ਹਨ। ਰੋਹਬ ਦਾਬ ਦੀ ਗੁੱਝੀ ਤੇ ਐਲਾਨੀਆ ਵਰਤੋਂ ਕੀਤੀ ਜਾਂਦੀ ਹੈ। ਭਾਈਚਾਰੇ ਦਾ ਵਾਸਤਾ ਪਾਇਆ ਜਾਂਦਾ ਹੈ। ਸਾਕ-ਸਕੀਰੀਆਂ ਦਾ ਜ਼ੋਰ ਚੜ੍ਹਾਉਣ ਸਮੇਤ ਹਰ ਕਿਸਮ ਦੇ ਹੱਥਕੰਡੇ ਵਰਤੇ ਜਾਂਦੇ ਹਨ। ਜੇ ਇਹ ਕਹਿ ਲਿਆ ਜਾਵੇ ਕਿ ਸਭਨਾਂ ਚੋਣਾਂ ਦੇ ਮੁਕਾਬਲੇ ਪੰਚਾਇਤੀ ਚੋਣਾਂ ਦੌਰਾਨ ਹੀ ਸਭ ਤੋਂ ਜ਼ਿਆਦਾ ਤੇ ਨਿੱਘਰੇ ਹੋਏ ਹੱਥ ਕੰਡੇ ਅਪਣਾਏ ਜਾਂਦੇ ਹਨ ਤਾਂ ਇਹਦੇ ਵਿੱਚ ਕੋਈ ਅਤਿ-ਕਥਨੀ ਨਹੀਂ ਹੈ।
ਭਾਰਤੀ ਸਮਾਜ ਦੀ ਸਭ ਤੋਂ ਹੇਠਲੀ ਕੰਨ੍ਹੀ 'ਤੇ ਵਿਚਰਦੇ ਖੇਤ ਮਜ਼ਦੁਰਾਂ/ਦਲਿਤਾਂ ਪ੍ਰਤੀ ਪੰਚਾਇਤਾਂ ਦਾ ਰੋਲ ਤੇ ਰਵੱਈਆ ਬੇਹੱਦ ਗਹੁ ਕਰਨਯੋਗ ਨੁਕਤਾ ਹੈ। ਸਰਕਾਰਾਂ ਵੱਲੋਂ ਖੇਤ ਮਜ਼ਦੂਰਾਂ/ਦਲਿਤਾਂ ਦਾ ਜੀਵਨ ਪੱਧਰ ਉੱਚਾ ਚੁੱਕਣਾਂ ਦੇ ਨਾਂ ਹੇਠ ਦਿੱਤੀਆਂ ਜਾਂਦੀਆਂ ਵਿਖਾਵੇ ਮਾਤਰ ਸਹੂਲਤਾਂ/ਸਕੀਮਾਂ/ਯੋਜਨਾਵਾਂ ਦੇ ਲਾਗੂ ਹੋਣ ਦਾ ਸਿੱਧਾ ਸਬੰਧ ਪੁੰਚਾਇਤਾਂ ਦੇ ਨਾਲ ਹੀ ਜੁੜਦਾ ਹੈ ਜਾਂ ਇਹ ਕਹਿਣਾ ਜ਼ਿਆਦਾ ਢੁਕਵਾਂ ਹੈ ਕਿ ਇਹਨਾਂ ਦਾ ਲਾਗੂ ਹੋਣਾ ਪੰਚਾਇਤਾਂ ਦੇ ਰਹਿਮੋਕਰਮ 'ਤੇ ਹੀ ਨਿਰਭਰ ਕਰਦਾ ਹੈ। ਮਿਸਾਲ ਵਜੋਂ ਕਿਸੇ ਨੇ ਪੈਨਸ਼ਨ ਲਵਾਉਣੀ ਹੈ ਤਾਂ ਵੀ ਪੰਚਾਇਤ ਦੇ ਮਤੇ ਬਿਨਾ ਸੰਭਵ ਨਹੀਂ। ਸਰਕਾਰ ਵੱਲੋਂ ਪੰਜ-ਪੰਜ ਮਰਲੇ ਦੇ ਪਲਾਟ ਅਤੇ ਰੂੜੀਆਂ ਲਈ ਥਾਂ ਦੇਣ ਤੋਂ ਇਲਾਵਾ ਲੰਮੇ ਸਮੇਂ ਤੋਂ ਪੰਚਾਇਤੀ/ਸ਼ਾਮਲਾਟ ਜ਼ਮੀਨਾਂ ਉਪਰ ਘਰ ਬਣਾ ਕੇ ਰਹਿ ਰਹੇ ਮਜ਼ਦੂਰਾਂ ਨੂੰ ਮਾਲਕੀ ਹੱਕ ਦੇਣ ਦਾ ਮਾਮਲਾ ਵੀ ਪੰਚਾਇਤੀ ਮਤੇ ਦਾ ਹੀ ਮੁਥਾਜ ਹੈ। ਇਉਂ ਹੀ ਮਾਮਲਾ ਭਾਵੇਂ ਕੱਚੇ ਮਕਾਨ ਨੂੰ ਪੱਕਾ ਬਣਾਉਣ ਲਈ ਸਰਕਾਰ ਵੱਲੋਂ ਦਿੱਤੀ ਜਾਂਦੀ ਗਰਾਂਟ ਦਾ ਹੋਵੇ ਜਾਂ ਮਕਾਨ ਦੀ ਰਿਪੇਅਰ ਦਾ ਇਥੇ ਵੀ ਪੰਚਾਇਤੀ ਮਤੇ ਬਿਨਾ ਮਜ਼ਦੂਰਾਂ ਦਾ ਕੰਮ ਨਹੀਂ ਚੱਲਦਾ। ਹੋਰ ਤਾਂ ਹੋਰ ਮਨਰੇਗਾ ਦਾ ਜਾਬ ਕਾਰਡ ਬਣਾਉਣ ਤੋਂ ਲੈ ਕੇ ਕੰਮ ਲੈਣ ਅਤੇ ਕੀਤੀ ਗਈ ਮਿਹਨਤ ਦਾ ਇਵਜਾਨਾ ਲੈਣ ਤੱਕ ਪੰਚਾਇਤ ਦਾ ਹੀ ਵਾਰਾ-ਪਹਿਰਾ ਚੱਲਦਾ ਹੈ। ਇਸ ਤੋਂ ਇਲਾਵਾ ਘਰੇਲੂ ਬਿਜਲੀ ਬਿੱਲਾਂ ਦੀ ਮੁਆਫੀ ਵਿੱਚ ਲੱਗਦਾ ਜਾਤੀ ਸਰਟੀਫਿਕੇਟ ਬਣਾਉਣ, ਸ਼ਗਨ ਸਕੀਮ ਦਾ ਲਾਭ ਲੈਣ ਤੇ ਬੀ.ਪੀ.ਐਲ. ਕਾਰਡ ਬਣਾਉਣ ਆਦਿ ਸਭ ਕੁੱਝ ਲਈ ਪੰਚਾਇਤੀ ਨੁਮਾਇੰਦਿਆਂ ਦੀ ਮੋਹਰ ਤੇ ਸਹਿਮਤੀ ਜ਼ਰੂਰੀ ਹੈ।
ਰਾਜ ਭਾਗ ਦੀ ਪੌੜੀ ਦਾ ਪਹਿਲਾ ਡੰਡਾ ਹੋਣ ਕਰਕੇ ਖੇਤ ਮਜ਼ਦੂਰਾਂ/ਦਲਿਤਾਂ ਦੇ ਮਾਮਲੇ ਵਿੱਚ ਰਾਜ ਭਾਗ ਦੇ ਬਾਕੀ ਅਦਾਰਿਆਂ ਵਾਂਗ ਪੰਚਾਇਤਾਂ ਦਾ ਵਿਹਾਰ ਵੀ ਸਿਰੇ ਦਾ ਤੰਗਨਜ਼ਰ, ਧੱਕੜ, ਗੈਰ-ਜਮਹੂਰੀ, ਦਬਾਊ, ਟਰਕਾਊ ਅਤੇ ਸਿਆਸੀ ਵਿਤਕਰੇ ਵਾਲਾ ਹੀ ਸਾਹਮਣੇ ਆਉਂਦਾ ਹੈ। ਇਸ ਲਈ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਮਜ਼ਦੂਰਾਂ ਦੇ ਹੱਕ ਵਿੱਚ ਮਤੇ ਪਾਉਣ ਤੋਂ ਅਕਸਰ ਪੰਚਾਇਤਾਂ ਵੱਲੋਂ ਟਾਲਾ ਹੀ ਵੱਟਿਆ ਜਾਂਦਾ ਹੈ। ਸਗੋਂ ਜਾਤਪਾਤੀ ਨਫਰਤ ਦਾ ਸ਼ਿਕਾਰ, ਜਾਗੀਰੂ ਹੈਂਕੜ ਨਾਲ ਭਰੀਆਂ ਅਤੇ ਪੇਂਡੂ ਤੇ ਸਿਆਸੀ ਧੜੇਬੰਦੀ ਦਾ ਸ਼ਿਕਾਰ ਪੰਚਾਇਤਾਂ ਵੱਲੋਂ ਚੋਣਾਂ ਦੌਰਾਨ ਉਲਟ ਭੁਗਤਾਨ ਵਾਲੇ ਮਜ਼ਦੂਰਾਂ ਦੇ ਹੱਕ ਵਿੱਚ ਮਤਾ ਪਾਉਣਾ ਤਾਂ ਦੂਰ ਸਗੋਂ ਉਹਨਾਂ ਦਾ ਬਣਦਾ ਕੰਮ ਵਿਗਾੜਨ ਨੂੰ ਹੀ ਪਹਿਲ ਦਿੱਤੀ ਜਾਂਦੀ ਹੈ। ਭਾਵੇਂ ਕਿ ਹਰ ਛੇ ਮਹੀਨੇ ਬਾਅਦ ਪਿੰਡ ਦੇ ਸਮੂਹ ਲੋਕਾਂ ਨੂੰ ਬੁਲਾਕੇ ਇਜਲਾਸ ਕਰਨ ਰਾਹੀਂ ਪੰਚਾਇਤ ਵੱਲੋਂ ਲੋਕਾਂ ਤੇ ਪਿੰਡ ਦੀਆਂ ਲੋੜਾਂ ਬਾਰੇ ਪਾਰਦਰਸ਼ੀ ਢੰਗ ਨਾਲ ਮਤੇ ਪਾਸ ਕਰਨਾ ਜ਼ਰੂਰੀ ਕਰਾਰ ਦਿੱਤਾ ਗਿਆ ਹੈ, ਪਰ ਪੰਚਾਇਤਾਂ ਵੱਲੋਂ ਇਸਦੀ ਕੋਈ ਪ੍ਰਵਾਹ ਨਹੀਂ ਕੀਤੀ ਜਾਂਦੀ।
ਇਸ ਲਈ ਪੰਚਾਇਤਾਂ ਵੱਲੋਂ ਮਤੇ ਪਾਸ ਨਾ ਕਰਨ ਸਦਕਾ ਖੇਤ ਮਜ਼ਦੂਰ/ਦਲਿਤ ਵਰਗ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਹਮੇਸ਼ਾਂ ਹੀ ਵਾਂਝਾ ਰਹਿ ਜਾਂਦਾ ਹੈ। ਕਿਹੜਾ ਮਤਾ ਪਾਸ ਕਰਨਾ ਹੈ ਤੇ ਕਿਹੜਾ ਨਹੀਂ ਕਰਨਾ ਇਹ ਗੱਲ ਪੂਰੀ ਤਰ੍ਹਾਂ ਪੰਚਾਇਤ ਉਪਰ ਕਾਬਜ਼ ਧੜੇ ਦੇ ਹੱਥ ਹੀ ਹੁੰਦੀ ਹੈ। ਸਿਆਸੀ ਪਾਰਟੀਆਂ ਨਾਲ ਬੱਝੀਆਂ ਧੜੇਬੰਦੀ ਤੇ ਜਾਤਪਾਤੀ ਤੁਅੱਸਬਾਂ ਦਾ ਸ਼ਿਕਾਰ ਪੰਚਾਇਤਾਂ ਵੱਲੋਂ ਜੇ ਮਜ਼ਦੂਰ ਭਲਾਈ ਸਕੀਮਾਂ ਲਾਗੂ ਕਰਵਾਉਣ ਬਾਰੇ ਮਤੇ ਪਾਏ ਵੀ ਜਾਂਦੇ ਹਨ ਤਾਂ ਉਹ ਵੀ ਆਪਣਾ ਵੋਟ ਬੈਂਕ ਤੇ ਧੜਾ ਪੱਕਾ ਕਰਨ ਅਤੇ ਮਜ਼ਦੂਰਾਂ ਉਪਰ ਆਪਣੀ ਦਬਸ਼ ਵਧਾਉਣ ਦੇ ਸੌੜੇ ਮਨੋਰਥਾਂ ਨਾਲ ਹੀ ਗ੍ਰਸੇ ਹੁੰਦੇ ਹਨ। ਜਿਹਨਾਂ ਵਿੱਚ ਸਮੂਹ ਲੋੜਵੰਦਾਂ ਨੂੰ ਸ਼ਾਮਲ ਕਰਨ ਦੀ ਥਾਂ ਆਪਣੇ ਪੱਖੀ ਹਿੱਸਿਆਂ ਨੂੰ ਹੀ ਸ਼ਾਮਲ ਕਰਕੇ ਸਿਆਸੀ ਵਿਤਕਰੇਬਾਜ਼ੀ ਕੀਤੀ ਜਾਂਦੀ ਹੈ।
ਮਜ਼ਦੂਰ ਭਲਾਈ ਸਕੀਮਾਂ ਨੂੰ ਪੰਚਾਇਤਾਂ ਨਾਲ ਬੰਨ੍ਹ ਕੇ ਰੱਖਣ ਅਸਲ ਵਿੱਚ ਇਹਨਾਂ ਨੂੰ ਲਾਗੂ ਕਰਨ ਤੋਂ ਟਾਲਾ ਵੱਟਣ ਦੇ ਲਈ ਸਰਕਾਰ ਕੋਲ ਖੂਬਸੂਰਤ ਬਹਾਨਾ ਹੈ। ਜਦ ਕਦੀ ਮਜ਼ਦੂਰ ਵਰਗ ਸੰਗਠਤ ਹੋ ਕੇ ਇਹਨਾਂ ਯੋਜਨਾਵਾਂ/ਸਕੀਮਾਂ ਨੂੰ ਲਾਗੂ ਕਰਵਾਉਣ ਲਈ ਸਰਕਾਰ 'ਤੇ ਦਬਾਅ ਬਣਾਉਂਦਾ ਹੈ ਤਾਂ ਸਰਕਾਰ ਵੱਲੋਂ ਇਹਨਾਂ ਨੂੰ ਪ੍ਰਵਾਨ ਤਾਂ ਕਰ ਲਿਆ ਜਾਂਦਾ ਹੈ। ਪਰ ਲਾਗੂ ਕਰਨ ਦੇ ਮਾਮਲੇ ਵਿੱਚ ਪੰਚਾਇਤੀ ਮਤਿਆਂ ਵਾਲਾ ਪੱਤਾ ਵਰਤਿਆ ਜਾਂਦਾ ਹੈ। ਕਿ ਹੁਣ ਜਦੋਂ ਪੰਚਾਇਤ ਹੀ ਮਤਾ ਨਹੀਂ ਪਾਉਂਦੀ ਤਾਂ ਅਸੀਂ ਵੀ ਕੀ ਕਰ ਸਕਦੇ ਹਾਂ? ਆਖ ਕੇ ਪੱਲਾ ਝਾੜ ਦਿੱਤਾ ਜਾਂਦਾ ਹੈ।
ਮੁੱਖ ਮੰਤਰੀ ਸ੍ਰੀ ਬਾਦਲ ਦੇ ਜੱਦੀ ਜ਼ਿਲ੍ਹੇ ਵਿੱਚ ਸਾਲ 2008 ਦੌਰਾਨ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਦੇ ਹਜ਼ਾਰਾਂ ਖੇਤ ਮਜ਼ਦੂਰਾਂ ਵੱਲੋਂ ਕੀਤੇ ਲਮਕਵੇਂ ਤੇ ਸਿਰੜੀ ਘੋਲ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਔਲਖ ਟਿੱਬਾ ਦੇ ਮਦੂਰਾਂ ਨੂੰ 4 ਕਨਾਲ ਪੰਚਾਇਤੀ ਜ਼ਮੀਨ ਰੂੜੀਆਂ ਲਈ ਇੱਕ ਹਫਤੇ ਵਿੱਚ ਦੇਣ ਅਤੇ ਕਈ ਪਿੰਡਾਂ ਵਿੱਚ ਪਲਾਟ ਦੇਣ ਦਾ ਲਿਖਤੀ ਸਮਝੌਤਾ ਕੀਤਾ ਗਿਆ ਸੀ। ਜੋ ਮੁੱਖ ਮੰਤਰੀ ਦੇ ਦਰਬਾਰ ਵਿੱਚ ਪਹੁੰਚਣ ਦੇ ਬਾਵਜੂਦ ਅੱਜ ਤੱਕ ''ਪੰਚਾਇਤਾਂ ਨਹੀਂ ਮੰਨਦੀਆਂ'' ਕਹਿ ਕੇ ਲਾਗੂ ਨਹੀਂ ਕੀਤਾ ਗਿਆ। ਇਉਂ ਹੀ ਪੰਚਾਇਤੀ ਤੇ ਸ਼ਾਮਲਟਾ ਜ਼ਮੀਨਾਂ ਉਪਰ ਮਕਾਨ ਬਣਾ ਕੇ ਰਹਿ ਰਹੇ ਮਜ਼ਦੂਰਾਂ ਨੂੰ ਮਾਲਕੀ ਹੱਕ ਦੇਣ ਦੇ ਮਾਮਲੇ ਵਿੱਚ ਅਗਸਤ 2008 ਤੋਂ ਸਰਕਾਰੀ ਪੱਤਰ ਜਾਰੀ ਹੋਣ ਦੇ ਬਾਵਜੂਦ ਪੰਚਾਇਤ ਵੱਲੋਂ ਮਤੇ ਪਾਸ ਨਾ ਕਰਨ ਦਾ ਬਹਾਨਾ ਬਣਾ ਕੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਿਆਂ ਵਾਲਾ, ਬਲਾਹੜ ਮਹਿਮਾ, ਮੁੱਖ ਮੰਤਰੀ ਦੇ ਜੱਦੀ ਹਲਕੇ ਲੰਬੀ ਦੇ ਪਿੰਡ ਸਿੰਘੇਵਾਲਾ ਅਤੇ ਅਣਗਿਣਤ ਥਾਵਾਂ 'ਤੇ ਹਜ਼ਾਰਾਂ ਮਜ਼ਦੂਰਾਂ ਨੂੰ ਅੱਜ ਤੱਕ ਮਾਲਕੀ ਹੱਕ ਨਹੀਂ ਦਿੱਤੇ ਗਏ। ਜਦੋਂ ਕਿ ਸਿੰਘੇਵਾਲਾ ਦੇ ਮਾਮਲੇ ਵਿੱਚ ਮਜ਼ਦੂਰ ਅੰਦੋਲਨ ਦੌਰਾਨ ਸੰਨ 2009 ਵਿੱਚ ਰਾਤ ਦੇ 10 ਵਜੇ ਬੀ.ਡੀ.ਪੀ.ਓ. ਦਫਤਰ ਬਹਿ ਕੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਤੇ ਸਰਪੰਚ ਵੱਲੋਂ ਮਾਤ ਪਾਸ ਕਰਨ ਦਾ ਸੈਂਕੜੇ ਲੋਕਾਂ ਸਾਹਮਣੇ ਜਨਤਕ ਐਲਾਨ ਵੀ ਕੀਤਾ ਗਿਆ ਸੀ। ਮਾਨਸਾ ਜ਼ਿਲ੍ਹੇ ਵਿੱਚ ਪਲਾਟਾਂ ਦੇ ਮਾਮਲੇ ਨੂੰ ਲੈ ਕੇ ਚੱਲੇ ਮਜ਼ਦੂਰ ਅੰਦੋਲਨ ਦੌਰਾਨ ਵੀ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਲਿਖਤੀ ਸਮਝੌਤਾ ਕਰਨ ਤੋਂ ਬਾਅਦ ਪਲਾਟ ਦੇਣ ਦੀ ਥਾਂ ਉਲਟਾ ਸੈਂਕੜੇ ਮਰਦ, ਔਰਤਾਂ ਅਤੇ ਬੱਚਿਆਂ ਤੱਕ ਨੂੰ ਮਹੀਨਿਆਂ ਬੱਧੀ ਜੇਲ੍ਹਾਂ ਵਿੱਚ ਹੀ ਡੱਕ ਦਿੱਤਾ ਗਿਆ।
ਇਸ ਮਾਮਲੇ ਵਿੱਚ ਸਭ ਕੁੱਝ ਪੰਚਾਇਤਾਂ ਦੇ ਹੱਥ ਹੋਣ ਅਤੇ ਆਪਣੇ ਤੇ ਸਰਕਾਰ ਦੇ ਬੇਵੱਸ ਹੋਣ ਦਾ ਪੱਤਾ ਖੇਡਦੇ ਹੋਏ ਖੇਤ ਮਜ਼ਦੂਰ ਅਤੇ ਮਜ਼ਦੂਰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤਾਂ ਆਪਣੇ ਜਾਣੇ ਪਹਿਚਾਣੇ ਅੰਦਾਜ਼ ਵਿੱਚ ਅਕਸਰ ਹੀ ਕਹਿੰਦੇ ਸੁਣੇ ਜਾਂਦੇ ਰਹੇ ਹਨ, ''ਬਈ ਪੰਚਾਇਤਾਂ ਤਾਂ ਖੁਦਮੁਖਤਿਆਰ ਆ। ਅਸੀਂ ਫੋਰਸ ਵੀ ਨਹੀਂ ਨਾ ਕਰ ਸਕਦੇ। ਹਾਂ ਅਪੀਲ ਹੀ ਕਰ ਸਕਦੇ ਹਾਂ। ਮੈਂ ਤਾਂ ਹਰ ਸੰਗਤ ਦਰਸ਼ਨ ਵਿੱਚ ਅਪੀਲ ਕਰਦਾਂ ਬਈ ਵੇਖੋ! ਮਜ਼ਦੂਰਾਂ ਦੀ ਹਾਲਤ ਬਹੁਤ ਮਾੜੀ ਆ। ਇਹਨਾਂ ਨੂੰ ਪਲਾਟ ਵਗੈਰਾ ਦੇਣ ਲਈ ਮਤਾ ਜ਼ਰੂਰ ਪਾਓ ਬਈ। ਪਰ ਅੱਗੋਂ ਕਰਨਾ ਤਾਂ ਉਹਨਾਂ ਨੇ ਈ ਹੈ ਨਾ....।''
ਪਰ ਕੌੜੀ ਸਚਾਈ ਤਾਂ ਇਹ ਹੈ ਕਿ ਜਿੱਥੇ ਕਿਤੇ ਪੰਚਾਇਤਾਂ ਵੱਲੋਂ ਮਜ਼ਦੂਰਾਂ ਨੂੰ ਪਲਾਟ ਦੇਣ ਤੇ ਮਕਾਨਾਂ ਲਈ ਗਰਾਂਟਾਂ ਆਦਿ ਦੇ ਮਤੇ ਪਾਏ ਵੀ ਜਾਂਦੇ ਹਨ, ਉਹਨਾਂ ਨੂੰ ਹੋਰਨਾਂ ਬਹਾਨਿਆਂ ਹੇਠ ਲਾਗੂ ਹੀ ਨਹੀਂ ਕੀਤਾ ਜਾਂਦਾ।
ਅਸਲ ਵਿੱਚ ਨਾ ਤਾਂ ਸਰਕਾਰ ਹੀ ਇਸ ਮਾਮਲੇ ਵਿੱਚ ਬੇਵੱਸ ਹੈ ਤੇ ਨਾ ਹੀ ਪੰਚਾਇਤਾਂ ਉਸ ਤੋਂ ਬਾਹਰ ਹਨ। ਜਿੱਥੇ ਕਿਤੇ ਸਰਕਾਰ ਨੂੰ ਆਪਣੇ ਹਿੱਤ ਲਈ ਪੰਚਾਇਤੀ ਤੇ ਸ਼ਾਮਲਾਟ ਜ਼ਮੀਨਾਂ ਚਾਹੀਦੀਆਂ ਹੋਣ ਜਾਂ ਕਿਸੇ ਹੋਰ ਕੰਮ ਲਈ ਮਤੇ ਪਾਸ ਕਰਵਾਉਣੇ ਹੋਣ, ਉਥੇ ਪੰਚਾਇਤਾਂ ਪੂਰੀ ਤਰ੍ਹਾਂ ਸਰਕਾਰ ਦੀ ਮੁੱਠੀ 'ਚ ਹੁੰਦੀਆਂ ਹਨ। ਮਿਸਾਲ ਵਜੋਂ ਮਜ਼ਦੂਰਾਂ ਨੂੰ ਰੂੜੀਆਂ ਲਈ 4 ਕਨਾਲ ਜ਼ਮੀਨ ਦੇਣ ਤੋਂ ਇਨਕਾਰੀ ਪਿੰਡ ਔਲਖ ਦੀ ਪੰਚਾਇਤ ਜੇ ਇਥੇ ਸਰਕਾਰ ਤੋਂ ਬਾਗੀ ਹੁੰਦੀ ਦਿਸਦੀ ਹੈ ਤਾਂ ਬਿਜਲੀ ਗਰਿੱਡ ਲਈ ਉਸੇ ਜ਼ਮੀਨ 'ਚੋਂ ਪੰਜ ਏਕੜ ਜ਼ਮੀਨ ਮੁਫਤ 'ਚ ਸਰਕਾਰ ਨੂੰ ਦੇਣ ਲਈ ਉਸਦੀ ਮੁੱਠੀ 'ਚ ਬੰਦ ਹੋ ਜਾਂਦੀ ਹੈ। ਇਉਂ ਹੀ ਸ੍ਰੀ ਬਾਦਲ ਦੇ ਪੁਰਖਿਆਂ ਦੇ ਪਿੰਡ ਘੁੱਦਾ ਦੀ ਕਰੀਬ 18-20 ਏਕੜ ਪੰਚਾਇਤੀ ਜ਼ਮੀਨ ਸਰਕਾਰੀ ਮੰਤਵਾਂ ਲਈ ਹਾਸਲ ਕਰਨ ਸਮੇਂ ਪੰਚਾਇਤ ਨੇ ਕੋਈ ਉਜਰ ਨਹੀਂ ਕੀਤਾ। ਅਜਿਹੇ ਮੌਕਿਆਂ 'ਤੇ ਪੰਚਾਇਤਾਂ ਵੱਲੋਂ ਅਫਸਰਸ਼ਾਹੀ ਨਾਲ ਮਿਲ ਕੇ ਘਰੇ ਬੈਠ ਕੇ ਹੀ ਮਤੇ ਪਾਸ ਕਰ ਦਿੱਤੇ ਜਾਂਦੇ ਹਨ ਅਤੇ ਆਪਣੇ ਹਮਾਇਤੀਆਂ ਤੋਂ ਘਰੋ ਘਰੀ ਜਾ ਕੇ ਅੰਗੂਠੇ ਲਵਾ ਕੇ ਕਾਗਜ਼ ਦਾ ਢਿੱਡ ਭਰ ਦਿਤਾ ਜਾਂਦਾ ਹੈ। ਜਿਸਦੀ ਉਦਾਹਰਨ ਮੌਜੂਦਾ ਵਿਧਾਨ ਸਭਾ ਚੋਣਾਂ ਤੋਂ ਕੁਝ ਚਿਰ ਪਹਿਲਾਂ ਹੀ ਸ੍ਰੀ ਬਾਦਲ ਦੇ ਜੱਦੀ ਪਿੰਡ ਤੋਂ ਮਹਿਜ ਅੱਠ ਕਿਲੋਮੀਟਰ ਦੂਰ ਇੱਕ ਪਿੰਡ ਵਿੱਚ ਵੀ ਸਾਹਮਣੇ ਆਈ ਹੈ। ਜਿਥੇ ਪਲਾਟਾਂ ਲਈ 6 ਏਕੜ ਜ਼ਮੀਨ ਵੰਡਣ ਵੇਲੇ ਮਤਾ ਪਾਸ ਕਰਨ ਸਮੇਂ ਕਿਸੇ ਨੂੰ ਭਿਣਕ ਤੱਕ ਵੀ ਨਹੀਂ ਪੈਣ ਦਿੱਤੀ ਗਈ ਅਤੇ ਕਾਗਜ਼ਾਂ ਵਿੱਚ ਪਿੰਡ ਦਾ ਇਜਲਾਸ ਹੋਇਆ ਵਿਖਾ ਕੇ ਸਭ ਅੱਛਾ ਕਹਿ ਦਿੱਤਾ ਗਿਆ।
ਕੁੱਲ ਮਿਲਾ ਕੇ ਵੇਖਿਆਂ, ਇੱਕ ਤਾਂ ਸਰਕਾਰਾਂ ਵੱਲੋਂ ਬਣਾਈਆਂ ਜਾਂਦੀਆਂ ਮਜ਼ਦੂਰ ਭਲਾਈ ਯੋਜਨਾਵਾਂ ''ਊਠ ਤੋਂ ਛਾਨਣੀ ਲਾਹ ਕੇ ਭਾਰ ਹੌਲਾ'' ਕਰਨ ਬਰੋਬਰ ਹੀ ਹੁੰਦੀਆਂ ਹਨ, ਜੋ ਜੇਕਰ ਇੰਨ ਬਿੰਨ ਲਾਗੂ ਹੋ ਵੀ ਜਾਣ ਤਾਂ ਵੀ ਮਜ਼ਦੂਰਾਂ ਦੀ ਨਰਕੀ ਬਣੀ ਜਿੰਦਗੀ ਵਿੱਚ ਬੁਨਿਆਦੀ ਤਬਦੀਲੀ ਲਿਆਉਣ ਦਾ ਸਬੱਬ ਨਹੀਂ ਬਣਦੀਆਂ। ਦੂਜਾ ਇਹਨਾਂ ਦੀ ਵਾਗਡੋਰ ਪੰਚਾਇਤਾਂ ਹੱਥ ਹੋਣ ਸਦਕਾ ਇਹਨਾਂ ਦਾ ਲਾਗੂ ਹੋਣਾ ਖਾਲਾ ਜੀ ਦਾ ਵਾੜਾ ਨਹੀਂ। ਤੀਜਾ ਇਹ ਖੇਤ ਮਜ਼ਦੂਰਾਂ ਉਪਰ ਪੇਂਡੂ ਸੱਤਾ ਤੇ ਕਾਬਜ਼ ਜਾਗੀਰੂ ਚੌਧਰੀਆਂ ਤੇ ਸਿਆਸੀ ਲੋਕਾਂ ਦਾ ਦਾਬਾ ਤੇ ਵਗਾਰ ਹੋਰ ਵਧਾਉਣ ਤੇ ਪੱਕੇ ਕਰਨ ਦਾ ਹੀ ਸਾਧਨ ਬਣਦੀਆਂ ਹਨ।
ਅਜਿਹੇ ਕੁਝ ਦੇ ਚੱਲਦਿਆਂ ਇਹਨਾਂ ਨੂੰ ਲਾਗੂ ਕਰਵਾਉਣ ਲਈ ਪੰਚਾਇਤਾਂ ਤੇ ਸਰਕਾਰ ਦੇ ਹੱਥਕੰਡਿਆਂ ਨੂੰ ਫੇਲ੍ਹ ਕਰਨ ਲਈ ਖੇਤ ਮਜ਼ਦੂਰਾਂ ਦੀ ਵਿਸ਼ਾਲ ਜਥੇਬੰਦ ਤਾਕਤ ਤੇ ਦ੍ਰਿੜ੍ਹ ਘੋਲਾਂ ਦੀ ਅਣਸਰਦੀ ਲੋੜ ਹੈ। ਇਸਦੇ ਨਾਲ ਹੀ ਖੇਤ ਮਜ਼ਦੂਰਾਂ ਵਾਂਗ ਹੀ ਲੁੱਟ ਤੇ ਦਾਬੇ ਦਾ ਸ਼ਿਕਾਰ ਗਰੀਬ ਤੇ ਥੁੜ੍ਹ ਜ਼ਮੀਨੇ ਕਿਸਾਨਾਂ ਨਾਲ ਖੇਤ ਮਜ਼ਦੂਰ ਲਹਿਰ ਦੇ ਜੋਟੀ ਵੀ ਬੇਹੱਦ ਜ਼ਰੂਰੀ ਹੈ।
—ਲਛਮਣ ਸਿੰਘ ਸੇਵੇਵਾਲਾ
Thursday, May 3, 2012
जनविरोधी फैसलों में सिर्फ एक है बथानी टोला
जनविरोधी फैसलों में सिर्फ एक है बथानी टोला
From : JANJWARMonday, February 28, 2011
ਕਿਸਾਨਾਂ ਤੇ ਮਜ਼ਦੂਰਾਂ ਦੀ ਸਾਂਝ ਜ਼ਰੂਰੀ ਕਿਉਂ ਹੈ?
ਹਰਮੇਸ਼ ਮਾਲੜੀ
ਪਹਿਲੀ ਫਰਵਰੀ ਨੂੰ ਮੋਗਾ ਦੇ ਪਿੰਡ ਹਿੰਮਤਪੁਰਾ ਵਿਖੇ ਖੇਤ ਮਜ਼ਦੂਰਾਂ ਅਤੇ ਕਿਸਾਨਾਂ ਦੀ ਇਕ ਸਾਂਝੀ ਮੀਟਿੰਗ ਹੋਈ ਜਿਸ ਵਿਚ ਵਿਚਾਰ ਅਧੀਨ ਆਏ ਮੁੱਦੇ, ਆਪਣੇ ਹੱਕਾਂ ਲਈ ਲੜ ਰਹੀਆਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਲਈ ਤਾਂ ਅਹਿਮ ਹਨ; ਸਮੁੱਚੀ ਇਨਕਲਾਬੀ ਜਮਹੂਰੀ ਲਹਿਰ ਲਈ ਵੀ ਅਹਿਮ ਹਨ। ਸਾਮਰਾਜੀ ਨੀਤੀਆਂ ਨੂੰ ਜਬਰ ਦੇ ਜ਼ੋਰ ਲਾਗੂ ਕਰ ਰਹੀਆਂ ਰਾਜਸੀ ਤਾਕਤਾਂ ਵੱਲੋਂ ਲੋਕਾਂ ’ਤੇ ਵਿੱਢੇ ਆਰਥਿਕ, ਸਭਿਆਚਾਰਕ ਅਤੇ ਸਰਕਾਰੀ ਜਬਰ ਦਾ ਠੀਕ ਦਿਸ਼ਾ ਵਿਚ ਟਾਕਰਾ ਕਰਨ ਲਈ ਇਹ ਮੁੱਦੇ ਵਿਚਾਰਨਯੋਗ ਅਤੇ ਅਪਣਾਉਣਯੋਗ ਹਨ।
ਇਹ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਏਕਤਾ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ ’ਤੇ ਜਥੇਬੰਦ ਕੀਤੀ ਗਈ ਸੀ ਜਿਸ ਵਿਚ ਦੋਹਾਂ ਜਥੇਬੰਦੀਆਂ ਦੇ ਪਿੰਡ ਪੱਧਰੇ ਆਗੂਆਂ ਤੋਂ ਲੈ ਕੇ ਸਮੁੱਚੀ ਲੀਡਰਸ਼ਿਪ ਦੇ ਇਕ ਹਜ਼ਾਰ ਦੇ ਕਰੀਬ ਆਗੂ ਅਤੇ ਕਰਿੰਦੇ ਸ਼ਾਮਲ ਹੋਏ। ਕਰੀਬ ਪੰਜ ਘੰਟੇ ਚੱਲੀ ਇਸ ਮੀਟਿੰਗ ਦਾ ਵਿਸ਼ੇਸ਼ ਪ੍ਰਸੰਗ ਭਾਵੇਂ ਉੱਘੇ ਕਿਸਾਨ ਸ਼ਹੀਦ ਸਾਧੂ ਸਿੰਘ ਤਖ਼ਤੂਪੁਰਾ ਦੀ ਬਰਸੀ ਮਨਾਉਣ ਅਤੇ ਇਸ ਸਮੇਂ ਵੱਡਾ ਜਨਤਕ ਇਕੱਠ ਕਰਨ ਲਈ ਜਨਤਕ ਲਾਮਬੰਦੀ ਲਈ ਪ੍ਰਚਾਰ ਨੁਕਤਿਆਂ ਨਾਲ ਵਰਕਰਾਂ ਨੂੰ ਲੈਸ ਕਰਨਾ ਸੀ ਪਰ ਇਨ੍ਹਾਂ ਪ੍ਰਚਾਰ ਨੁਕਤਿਆਂ ਦਾ ਕੇਂਦਰੀ ਨੁਕਤਾ ਇਹ ਸੀ ਕਿ ਬੇਜ਼ਮੀਨੇ ਮਜ਼ਦੂਰਾਂ ਅਤੇ ਗਰੀਬ ਕਿਸਾਨਾਂ ਦੀ ਸੰਘਰਸ਼ ਸਾਂਝ ਕਿਵੇਂ ਪਾਏ ਅਤੇ ਇਸ ਸਾਂਝ ਦੇ ਰਾਹ ਵਿਚ ਆ ਰਹੇ ਅੜਿੱਕਿਆਂ ਨੂੰ ਕਿਵੇਂ ਸਮਝਿਆ ਅਤੇ ਨਜਿੱਠਿਆ ਜਾਵੇ। ਇਸ ਮੀਟਿੰਗ ਦਾ ਇਹ ਮਹੱਤਵਪੂਰਨ ਅਤੇ ਦੱਸਣਯੋਗ ਨੁਕਤਾ ਹੈ ਜੋ ਪਾਠਕਾਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ। ਮੀਟਿੰਗ ਵਿਚ ਇਹ ਗੱਲ ਬਹੁਤ ਜ਼ੋਰ ਨਾਲ ਉਭਾਰੀ ਗਈ ਕਿ ਸਮਾਜ ਦੇ ਇਨ੍ਹਾਂ ਦੋਹਾਂ ਬੁਨਿਆਦੀ ਤਬਕਿਆਂ ਨੂੰ ਦੋ ਦਹਾਕੇ ਪਹਿਲਾਂ ਹੀ ਅਖੌਤੀ ਹਰੇ ਇਨਕਲਾਬ ਦੇ ਅਮਲ ਨੇ ਖੰਘਲ ਕਰ ਦਿੱਤਾ ਸੀ। ਹੁਣ 1991 ਦੇ ਦਹਾਕੇ ਵਿਚ ਉਦਾਰੀਕਰਨ ਅਤੇ ਸੰਸਾਰੀਕਰਨ ਦੀਆਂ ਨੀਤੀਆਂ ਦੇ ਦੂਸਰੇ ਪੂਰ ਨੇ ਇਨ੍ਹਾਂ ਦੋਹਾਂ ਤਬਕਿਆਂ ਨੂੰ ਖੁਦਕੁਸ਼ੀਆਂ ਦੀ ਕਗਾਰ ’ਤੇ ਲਿਆ ਖੜ੍ਹਾਇਆ ਹੈ। ਮਗਰਲੇ ਦੌਰ ਦੀਆਂ ਨੀਤੀਆਂ ਨੇ ਕਿਸਾਨਾਂ-ਮਜ਼ਦੂਰਾਂ ਦੇ ਰੁਜ਼ਗਾਰ ਦਾ ਵਿਆਪਕ ਉਜਾੜਾ ਕੀਤਾ ਹੈ। ਮਹਿੰਗਾਈ ਬੇਲਗਾਮ ਵਧ ਰਹੀ ਹੈ। ਸਰਕਾਰੀ ਸਬਸਿਡੀਆਂ ਵਿਚ ਵੱਡੀ ਕਟੌਤੀ ਹੋਈ ਹੈ, ਨਸ਼ਿਆਂ ’ਚ ਵਿਆਪਕ ਵਾਧਾ ਅਤੇ ਸਭਿਆਚਾਰਕ ਗਿਰਾਵਟ ਇਨ੍ਹਾਂ ਨੀਤੀਆਂ ਦੀ ਹੀ ਦੇਣ ਹੈ। ਲੋਕ ਰਜਾ ਤੋਂ ਉਲਟ ਇਨ੍ਹਾਂ ਨੀਤੀਆਂ ਨੂੰ ਲਾਗੂ ਕਰਨ ਲਈ ਰਾਜਸੀ ਤਾਕਤਾਂ ਵੱਲੋਂ ਪਹਿਲੇ ਦੇ ਕਿਸੇ ਵੀ ਸਮੇਂ ਨਾਲੋਂ ਵੱਧ ਲੋਕਾਂ ਦੇ ਜਮਹੂਰੀ ਅਤੇ ਮਨੁੱਖੀ ਹੱਕਾਂ ਨੂੰ ਕੁਚਲਿਆ ਜਾ ਰਿਹਾ ਹੈ। ਸਾਂਝੀ ਮੀਟਿੰਗ ਦੀ ਇਹ ਨਿੱਤਰਵੀਂ ਸਮਝ ਸੀ ਕਿ ਇਨ੍ਹਾਂ ਨੀਤੀਆਂ ਨੂੰ ਲਾਗੂ ਕਰਨ ਵਾਲੇ ਅਤੇ ਇਨ੍ਹਾਂ ਨੀਤੀਆਂ ਦੀ ਮਾਰ ਸਹਿਣ ਵਾਲੇ ਲੋਕਾਂ ਵਿਚ ਸਮਝੌਤਾ ਸੰਭਵ ਨਹੀਂ ਹੈ। ਇਸ ਲਈ ਲੋਕਾਂ ਦੀ ਵਿਸ਼ਾਲ ਲਹਿਰ ਹੀ ਇਨ੍ਹਾਂ ਨੀਤੀਆਂ ਨੂੰ ਮੋੜਾ ਦੇ ਕੇ ਆਪਣੇ ਹੱਕ ਬਚਾ ਸਕਦੀ ਹੈ। ਪਰ ਅੱਜ ਦੇ ਸਮੇਂ ਵਿਚ ਜਬਰ ਦੇ ਜ਼ੋਰ ਲਾਗੂ ਨੀਤੀਆਂ ਦੇ ਟਾਕਰੇ ਲਈ ਲੋਕ ਲਹਿਰ ਕਮਜ਼ੋਰ ਹੈ। ਬੇਸ਼ੱਕ ਕਮਜ਼ੋਰ ਹਾਲਤ ਦੇ ਬਾਵਜੂਦ ਵੀ ਸਾਰੇ ਤਬਕੇ ਇਨ੍ਹਾਂ ਨੀਤੀਆਂ ਖਿਲਾਫ ਲੜ ਰਹੇ ਹਨ ਪਰ ਕੋਈ ਇਕੱਲਾ ਤਬਕਾ ਓਨੀ ਦੇਰ ਤਕ ਕਾਮਯਾਬ ਨਹੀਂ ਹੋ ਸਕਦਾ ਜਿੰਨੀ ਦੇਰ ਤਕ ਉਹ ਦੂਸਰੇ ਤਬਕਿਆਂ ਨੂੰ ਨਾਲ ਨਹੀਂ ਲੈਂਦਾ। ਇਸ ਹਿਸਾਬ ਨਾਲ ਸਮਾਜ ਦੇ ਇਹ ਦੋਵੇਂ ਤਬਕੇ ਜਿਥੇ ਗਿਣਤੀ ਪੱਖੋਂ ਵੱਡੇ ਬਣਦੇ ਹਨ, ਉਥੇ ਇਨ੍ਹਾਂ ਦੀ ਏਕਤਾ ਦਾ ਸਮਾਜਕ, ਆਰਥਿਕ ਅਤੇ ਸਭਿਆਚਾਰਕ ਆਧਾਰ ਮੌਜੂਦ ਹੈ। ਇਸ ਲਈ ਜੇ ਇਹ ਤਬਕੇ ਇਕੱਠੇ ਹੋ ਜਾਣ ਤਾਂ ਵਿਸ਼ਾਲ ਲੋਕ ਲਹਿਰ ਦੀ ਧੁਰੀ ਬਣ ਸਕਦੇ ਹਨ। ਸੂਬਾਈ ਬੁਲਾਰਿਆਂ ਨੇ ਇਸ ਏਕਤਾ ਆਧਾਰ ਬਾਰੇ ਬੋਲਦਿਆਂ ਕਿਹਾ ਕਿ ਥੋੜ ਜ਼ਮੀਨੇ ਕਿਸਾਨਾਂ ਤੇ ਬੇਜ਼ਮੀਨੇ ਮਜ਼ਦੂਰਾਂ ਦੀ ਸਮਾਜਕ ਹੈਸੀਅਤ ਇਕੋ ਜਿਹੀ ਹੈ। ਜੇ ਬੇਜ਼ਮੀਨਿਆਂ ਦੀਆਂ ਧੀਆਂ ਦੀ ਇੱਜ਼ਤ ਥੱਬੀ ਪੱਠਿਆਂ ਬਦਲੇ ਖਤਰੇ ਮੂੰਹ ਆ ਜਾਂਦੀ ਹੈ ਤਾਂ ਗਰੀਬ ਕਿਸਾਨ ਗਰੀਬੀ ਕਰਕੇ ਆਪਣੀਆਂ ਧੀਆਂ ਨੂੰ ਬੁੱਢੇ ਵਿਦੇਸ਼ੀ ਲਾੜਿਆਂ ਨਾਲ ਵਿਆਹੁਣ ਲਈ ਮਜ਼ਬੂਰ ਹਨ। ਲਗਾਤਾਰ ਘੱਟਦੀ ਜ਼ਮੀਨ ਕਾਰਨ ਇਕ ਗਿਣਨਯੋਗ ਹਿੱਸੇ ਦੀਆਂ ਕਿਸਾਨ ਔਰਤਾਂ ਨਸ਼ੇ ਤਕ ਵੇਚਣ ਲਈ ਮਜਬੂਰ ਹਨ। ਜੇ ਪਿੰਡਾਂ ਦੇ ਬੇਜ਼ਮੀਨੇ ਲੋਕ ਪੇਂਡੂ ਧਨਾਢਾਂ ਦੀ ਆਰਥਿਕ ਸਮਾਜਕ ਲੁੱਟ ਦੇ ਸ਼ਿਕਾਰ ਹਨ ਤਾਂ ਗਰੀਬ ਕਿਸਾਨਾਂ ਨੂੰ ਵੀ ਸੂਦਖੋਰੀ ਦਾ ਅਜਿਹਾ ਚਿੱਚੜ ਚਿੰਬੜਿਆ ਹੋਇਐ ਜੋ ਲਗਾਤਾਰ ਉਨ੍ਹਾਂ ਦਾ ਲਹੂ ਪੀ ਰਿਹਾ ਹੈ। ਅਨੇਕਾਂ ਹੋਰ ਉਦਾਹਰਣਾਂ ਰਾਹੀਂ ਉਨ੍ਹਾਂ ਆਪਣੇ ਇਸ ਨਾਅਰੇ ਦੀ ਸਾਰਥਕਤਾ ਸਾਬਤ ਕੀਤੀ। ਜਿਹੜਾ ਕਹਿੰਦਾ ਹੈ ‘ਖੇਤ ਮਜ਼ਦੂਰ ਤੇ ਜੱਟ ਗਰੀਬ, ਇਕੋ ਜਾਨ ਤੇ ਇਕ ਨਸੀਬ’ ਆਗੂਆਂ ਨੇ ਇਨ੍ਹਾਂ ਦੋਹਾਂ ਤਬਕਿਆਂ ਦਾ ਏਕਤਾ ਵਿਚ ਸਭ ਤੋਂ ਵੱਡਾ ਅੜਿੱਕਾ ਜਾਤ-ਪਾਤੀ ਦਫਤਰ ਨੂੰ ਗਿਣਿਆ ਜਿਸ ਕਰਕੇ ਇਹ ਦੋਹੇਂ ਤਬਕੇ ਇਕ ਦੂਸਰੇ ਤੋਂ ਦੂਰ ਹਨ। ਇਸ ਵਿਸ਼ੇ ’ਤੇ ਬੋਲਦੇ ਹੋਏ ਖੇਤ ਮਜ਼ਦੂਰ ਆਗੂ ਲਛਮਣ ਸਿੰਘ ਸੇਖਵਾਂ ਨੇ ਬਹੁਤ ਹੀ ਟੁੰਬਵੇ ਅੰਦਾਜ਼ ਵਿਚ ਕਿਹਾ ਕਿ ਜਾਤ-ਪਾਤੀ ਤੁਸੱਬਬ ਇਸ ਕਦਰ ਡੁੰਘੇ ਹਨ ਕਿ ਬੇਜ਼ਮੀਨੇ ਮਜ਼ਦੂਰ ਇਸ ਤੰਗ ਨਜ਼ਰੀ ’ਚ ਅਕਸਰ ਕਹਿੰਦੇ ਹਨ, ‘‘ਜੱਟ ਜੱਟਾਂ ਦੇ ਭੋਲੂ ਕੀਹਦਾ?’’ ਦੂਸਰੇ ਪਾਸੇ ਗਰੀਬ ਜੱਟ ਵੀ ਆਪਣੇ ਦੁੱਖਾਂ-ਸੁੱਖਾਂ ਦੇ ਸਾਂਝੀ ਮਜ਼ਦੂਰ ਨੂੰ ਤਾਂ ਸਾਗ ਤੋੜਨ ਤੋਂ ਵੀ ਵਰਜਦੈ ਪਰ ਲੁੱਟ ਕਰਨ ਵਾਲੇ ਸੂਦਖੋਰ ਆੜਤੀਏ ਦੇ ਘਰ ਆਪ ਸਾਗ ਤੋੜ ਕੇ ਦੇ ਕੇ ਆਉਂਦੈ। ਇਹ ਵਿਵਹਾਰ ਦੋਹਾਂ ਪਾਸਿਆਂ ਤੋਂ ਠੀਕ ਨਹੀਂ। ਉਨ੍ਹਾਂ ਜਾਤ ਅਤੇ ਧਰਮ ਆਧਾਰਤ ਸਿਆਸਤ ਕਰਨ ਵਾਲੀਆਂ ਪਾਰਟੀਆਂ, ਜਥੇਬੰਦੀਆਂ ਅਤੇ ਵਿਅਕਤੀਆਂ ਨੂੰ ਵੀ ਮਾੜੇ ਹੱਥੀਂ ਲੈਂਦਿਆਂ ਕਿਹਾ ਕਿ ਇਹ ਲੋਕ ਸਿਰਫ ਵੋਟਾਂ ਖਾਤਰ ਹੀ ਇਹ ਖੇਡਾਂ ਖੇਡਦੇ ਹਨ। ਉਂਝ ਇਨ੍ਹਾਂ ਲੋਕਾਂ ਦਾ ਇਨ੍ਹਾਂ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਹੈ। ਦੋਹਾਂ ਹੀ ਤਬਕਿਆਂ ਨੂੰ ਇਹ ਗੱਲ ਸਮਝਣੀ ਚਾਹੀਦੀ ਹੈ। ਇਸੇ ਵਿਸ਼ੇ ਨੂੰ ਹੋਰ ਅੱਗੇ ਤੋਰਦੇ ਹੋਏ ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਕਿਸਾਨ ਦਾ ਮਤਲਬ ਜੱਟ ਨਹੀਂ ਹੈ। ਜਿਹੜਾ ਵੀ ਵਿਅਕਤੀ ਆਪਣੀ ਮਿਹਨਤ ਤੇ ਹੁਨਰ ਨਾਲ ਕੁਦਰਤ ਦੀ ਕੁੱਖ ਵਿਚੋਂ ਖੁਰਾਕੀ ਵਸਤਾਂ, ਰੂੰ, ਉਨ, ਖੱਲਾਂ ਆਦਿ ਪੈਦਾ ਕਰਦਾ ਹੈ, ਉਹ ਕਿਸਾਨ ਹੈ। ਉਨ੍ਹਾਂ ਆਪਣੀ ਦਲੀਲ ਦੇ ਪੱਖ ਵਿਚ ਸਰਕਾਰੀ ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਖੇਤਾਂ ਵਿਚ ਕੰਮ ਕਰਨ ਉਤਪਾਦਨ ਕਰਨ ਤੋਂ ਅੱਗੇ ਮਛੇਰੇ, ਚਰਵਾਹੇ, ਮੁਰਗੀ ਪਾਲਕ, ਸੂਰ ਪਾਲਕ ਆਦਿ ਸਭ ਕਿਸਾਨ ਹਨ। ਇਸ ਲਈ ਬੇਜ਼ਮੀਨੇ ਮਜ਼ਦੂਰ ਅਸਲ ਵਿਚ ਬੇਜ਼ਮੀਨੇ ਕਿਸਾਨ ਹਨ। ਇਸ ਹਿਸਾਬ ਨਾਲ ਘੱਟ ਜ਼ਮੀਨ ਵਾਲੇ ਕਿਸਾਨ ਅਤੇ ਬੇਜ਼ਮੀਨੇ ਅਸਲ ਵਿਚ ਦੋ ਨਹੀਂ ਬਲਕਿ ਇਕ ਤਬਕਾ ਬਣਦਾ ਹੈ। ਪਰ ਜਾਤ-ਪਾਤੀ ਵੰਡ ਕੇ ਕਿਸਾਨਾਂ ਨੂੰ ਵੱਖਰੇ-ਵੱਖਰੇ ਰੱਖਿਆ ਹੋਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਇਹ ਦੋਵੇਂ ਤਬਕੇ ਇਸ ਜਾਤ-ਪਾਤੀ ਦੇ ਅੜਿੱਕੇ ਨੂੰ ਤੋੜ ਕੇ ਆਪਣਾ ਵਿਸ਼ਾਲ ਏਕਾ ਉਸਾਰਨ। ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਇਸ ਗੱਲ ਨੂੰ ਹੋਰ ਪੱਕੀ ਕਰਦੇ ਹੋਏ ਠੋਸ ਅੰਕੜਿਆਂ ਰਾਹੀਂ ਦੱਸਿਆ ਕਿ 25 ਏਕੜ ਤੋਂ ਉਪਰ (ਹਜ਼ਾਰਾਂ ਏਕੜ ਤਕ) ਵਾਲੇ ਧਨੀ ਕਿਸਾਨਾਂ ਅਤੇ ਜਾਗੀਰਦਾਰਾਂ ਦੀ ਗਿਣਤੀ ਪੰਜਾਬ ਵਿਚ ਸਿਰਫ 71 ਹਜ਼ਾਰ ਜਦਕਿ ਇਕ ਏਕੜ ਤੋਂ ਲੈ ਕੇ 25 ਏਕੜ ਤਕ ਵਾਲੇ ਗਰੀਬ ਅਤੇ ਦਰਮਿਆਨੇ ਕਿਸਾਨਾਂ ਦੀ ਗਿਣਤੀ 9 ਲੱਖ 32 ਹਜ਼ਾਰ ਬਣਦੀ ਹੈ। ਜੇ ਇਨ੍ਹਾਂ ਨਾਲ ਬੇਜ਼ਮੀਨੇ ਮਜ਼ਦੂਰ ਵੀ ਰਲ ਜਾਣ ਤਾਂ ‘ਭਲਾ ਕੀ ਨਹੀਂ ਹੋ ਸਕਦਾ’।
ਇਸੇ ਵਿਚਾਰ ਚਰਚਾ ਨੂੰ ਹੋਰ ਅੱਗੇ ਤੋਰਦੇ ਹੋਏ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਮਜ਼ਦੂਰ ਆਗੂ ਜ਼ੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਗ਼ੈਰ-ਜਥੇਬੰਦ ਹੋਣ ਕਰਕੇ ਹੀ ਇਹ ਤਬਕੇ ਹਰ ਤਰ੍ਹਾਂ ਦੀ ਲੁੱਟ ਦੇ ਸ਼ਿਕਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੁੱਲ ਜ਼ਮੀਨੀ ਪੈਦਾਵਾਰ ਵਿਚੋਂ ਢਾਈ ਪ੍ਰਤੀਸ਼ਤ ਕਮਿਸ਼ਨ ਦੇ ਹਿਸਾਬ ਨਾਲ ਸੂਦਖੋਰ ਆੜਤੀਏ ਸਾਲਾਨਾ 394 ਕਰੋੜ 68ਲੱਖ ਮੁਫਤ ਵਿਚ ਡਕਾਰ ਜਾਂਦੇ ਹਨ ਜਦਕਿ ਉਨ੍ਹਾਂ ਦਾ ਪੈਦਾਵਾਰ ਵਿਚ ਕੋਈ ਰੋਲ ਨਹੀਂ ਹੈ। ਉਨ੍ਹਾਂ ਦੱਸਿਆ ਹਰ ਫਸਲ ’ਤੇ 4% ਮਾਰਕੀਟ ਸੈੱਸ ਅਤੇ 4% ਹੀ ਸੇਲ ਟੈਕਸ ਰਾਹੀਂ ਸਰਕਾਰ ਪ੍ਰਤੀ ਏਕੜ ਸਾਲਾਨਾ 1250/- ਰੁਪਏ ਮੁੱਛ ਲੈਂਦੀ ਹੈ ਜਿਹੜਾ ਕਿ ਪੰਜਾਬ ਦੀ ਕੁਲ ਜ਼ਮੀਨ ਦੇਹਿਸਾਬ ਨਾਲ ਸਾਲਾਨਾ ਸਾਢੇ ਬਾਰਾਂ ਹਜ਼ਾਰ ਕਰੋੜ ਬਣਦਾ ਹੈ। ਜਾਣੀ ਇਕ ਪਿੰਡ ਮਗਰ ਇਕ ਕਰੋੜ ਰੁਪਏ ਪਰ ਪਿੰਡਾਂ ਨੂੰ ਗਰਾਂਟਾਂ ਦੇਣ ਲੱਗਿਆਂ ਦੋ-ਚਾਰ ਲੱਖ ਦੀ ਗਰਾਂਟ ਵੇਲੇ ਵੀ ਲੇਲੜੀਆਂ ਕੱਢਵਾਉਂਦੀ ਹੈ। ਉਨ੍ਹਾਂ ਕਿਹਾ ਕਿ ਦੂਸਰੇ ਟੈਕਸਾਂ ਨੂੰ ਜੋੜ ਕੇ ਲੋਕਾਂ ਦੀ ਬਹੁਤ ਵੱਡੀ ਲੁੱਟ ਹੈ ਪਰ ਜੇ ਲੋਕਾਂ ਦਾ ਪੈਸਾ ਲੋਕਾਂ ਦੀਆਂ ਬੁਨਿਆਦੀ ਲੋੜਾਂ, ਸਿਹਤ, ਵਿਦਿਆ, ਪਾਣੀ, ਖੁਰਾਕ, ਰੁਜ਼ਗਾਰ ਆਦਿ ਲਈ ਨਹੀਂ ਖਰਚਿਆ ਜਾਂਦਾ ਤਾਂ ਫਿਰ ਇਹ ਕਾਹਦਾ ਵਿਕਾਸ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੇਂਡੂ ਜਨਤਾ ਦੇ ਇਨ੍ਹਾਂ ਦੋਹਾਂ ਤਬਕਿਆਂ ਦੀ ਏਕਤਾ ਨਾਲ ਹੀ ਅਸਲ ਵਿਕਾਸ ਸੰਭਵ ਹੈ। ਇਨ੍ਹਾਂ ਤਬਕਿਆਂ ਦੀ ਏਕਤਾ ਨਾਲ ਹੀ ਸਾਂਝੀਵਾਲਤਾ ਦੀ ਲਹਿਰ ਚੱਲੇਗੀ ਜਿਹੜੀ ਅੱਗੋਂ ਹਰ ਕਿਸਮ ਦੀ ਲੁੱਟ ਖਤਮ ਕਰ ਸਕਦੀ ਹੈ।
Note: This article appeared in Punjabi Tribune dated 26.2.2011