StatCounter

Showing posts with label price rise. Show all posts
Showing posts with label price rise. Show all posts

Friday, May 25, 2012

PROTESTS AGAINST PETROL PRICE HIKE

ਪੈਟਰੋਲ ਦੀਆਂ ਵਧੀਆਂ ਕੀਮਤਾਂ ਖਿਲਾਫ਼ ਵਿਖਾਵੇ

ਜਲੰਧਰ, 24 ਮਈ:    ਲੋਕ ਮੋਰਚਾ ਪੰਜਾਬ ਅਤੇ ਇਨਕਲਾਬੀ ਕੇਂਦਰ ਪੰਜਾਬ ਵੱਲੋਂ 25 ਮਈ ਨੂੰ ਬਠਿੰਡਾ, ਰਾਮਪੁਰਾ ਫੂਲ, ਬਰਨਾਲਾ, ਜਗਰਾਓਂ ਅਤੇ 26 ਮਈ ਨੂੰ ਲੁਧਿਆਣਾ, ਸਮਰਾਲਾ ਵਿਖੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਖਿਲਾਫ਼ ਜਨਤਕ ਵਿਰੋਧ ਪ੍ਰਗਟ ਕੀਤਾ ਜਾਏਗਾ।

ਲੋਕ ਮੋਰਚੇ ਦੇ ਜਨਰਲ ਸਕੱਤਰ ਅਮੋਲਕ ਸਿੰਘ, ਇਨਕਲਾਬੀ ਕੇਂਦਰ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਸਾਂਝੇ ਪ੍ਰੈਸ ਬਿਆਨ 'ਚ ਕਿਹਾ ਹੈ ਕਿ ਜਦੋਂ ਕੌਮਾਂਤਰੀ ਮੰਡੀ ਅੰਦਰ ਕੱਚੇ ਤੇਲ ਦੀਆਂ ਕੀਮਤਾਂ ਸਥਿਰ ਚੱਲ ਰਹੀਆਂ ਹਨ ਉਸ ਮੌਕੇ ਪੈਟਰੋਲ ਦੀਆਂ ਕੀਮਤਾਂ ਨੂੰ 'ਅੱਗ' ਲਗਾਕੇ ਅਜਾਰੇਦਾਰ ਤੇਲ ਕੰਪਨੀਆਂ ਨੂੰ ਮੋਟਾ ਮੁਨਾਫ਼ਾ ਕਰਾਇਆ ਜਾ ਰਿਹਾ ਹੈ।

ਉਨ•ਾਂ ਪੰਜਾਬ ਸਰਕਾਰ ਉਪਰ ਵੀ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ 'ਰਾਜਨੀਤਕ ਚਤੁਰਾਈ' ਕਰਦੇ ਹੋਏ ਪੰਜਾਬ ਸਰਕਾਰ ਇਸ ਅਥਾਹ ਵਾਧੇ ਲਈ ਇੱਕ ਬੰਨੇ ਕੇਂਦਰ ਸਰਕਾਰ ਉਪਰ ਉਂਗਲ ਧਰਕੇ ਆਪ ਬਰੀ ਹੋਣ ਦੀ ਖੇਡ ਖੇਡਦੀ ਹੈ ਜਦੋਂ ਕਿ ਹਕੀਕਤ ਇਹ ਹੈ ਕਿ ਹੱਥ ਲੱਗਾ ਸੁਨਹਿਰੀ ਮੌਕਾ ਸਮਝਕੇ ਪੰਜਾਬ ਸਰਕਾਰ ਨੇ ਐਨਾ ਵੈਟ ਵਧਾ ਦਿੱਤਾ ਜਿਸ ਸਦਕਾ ਪੰਜਾਬੀਆਂ ਉਪਰ ਪ੍ਰਤੀ ਮਹੀਨਾ 622 ਕਰੋੜ ਰੁਪਏ ਦਾ ਬੋਝ ਲੱਦ ਦਿੱਤਾ ਹੈ।  ਜਿਸ ਤੋਂ ਜੱਗ ਜ਼ਾਹਰ ਹੁੰਦਾ ਹੈ ਕਿ ਵੰਨ-ਸੁਵੰਨੇ ਹਾਕਮ ਧੜੇ ਜੋਕਾਂ ਨੇ ਹਿਮਾਇਤੀ ਅਤੇ ਲੋਕਾਂ ਖਿਲਾਫ਼ ਇੱਕ ਸੁਰ ਹਨ।

ਦੋਵੇਂ ਜਨਰਲ ਸਕੱਤਰਾਂ ਨੇ ਪੰਜਾਬ ਦੀਆਂ ਸਮੂਹ ਲੋਕ-ਹਿਤੈਸ਼ੀ, ਜਮਹੂਰੀ, ਇਨਕਲਾਬੀ ਜੱਥੇਬੰਦੀਆਂ ਨੂੰ ਅਗਲੇ ਦਿਨਾਂ 'ਚ ਇਸ ਵਾਧੇ ਵਿਰੁੱਧ ਵਿਸ਼ਾਲ, ਸਾਂਝੇ ਸੰਘਰਸ਼ ਲਈ ਜੋਟੀ ਪਾਉਣ ਲਈ ਅੱਗੇ ਦੀ ਵੀ ਅਪੀਲ ਕੀਤੀ ਹੈ।

ਅਮੋਲਕ ਸਿੰਘ
94170 76735

Thursday, September 16, 2010

ਕਿਸਾਨ-ਮਜ਼ਦੂਰ ਜਥੇਬੰਦੀਆਂ ਵਲੋਂ ਪੰਜਾਬ ਭਰ 'ਚ ਜ਼ਿਲਾ ਪੱਧਰੀ ਧਰਨੇ

Punjab struggles
Punjab peoples struggles against privatisation and liberalisation
Punjab peoples struggles against privatisation and liberalisation
Punjab peoples struggles against privatisation and liberalisation
Punjab peoples struggles against privatisation and liberalisation ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਕ੍ਰਮਵਾਰ ਸੰਗਰੂਰ, ਪਟਿਆਲਾ, ਮੋਗਾ, ਗੁਰਦਾਸਪੁਰ ਤੇ ਮੁਕਤਸਰ ਵਿਖੇ ਦਿੱਤੇ ਧਰਨਿਆਂ ਦੀਆਂ ਝਲਕਾਂ

ਪੰਜਾਬ ਭਰ ਦੀਆਂ 17 ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਲੜੇ ਜਾ ਰਹੇ ਸੰਘਰਸ਼ ਦੀ ਲੜੀ ਤਹਿਤ, ਬਿਜਲੀ ਬੋਰਡ ਦੇ ਨਿੱਜੀਕਰਣ ਨਿਗਮੀਕਰਣ, ਖਿਲਾਫ਼, ਬਿਜਲੀ ਐਕਟ 2003, ਰੱਦ ਕਰਵਾਉਣ ਲਈ ਅਤੇ ਸੁਖਬੀਰ-ਕਾਲੀਆ ਕਮੇਟੀ ਦੀਆਂ ਲੋਕ ਵਿਰੋਧੀ ਸਿਫਾਰਸ਼ਾਂ ਰੱਦ ਕਰਾਉਣ ਤੇ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ਸ਼ੀਲ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿਚ ਜਿਲਾ ਪੱਧਰਾਂ 'ਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਮੂਹਰੇ ਵਿਸ਼ਾਲ ਧਰਨੇ ਲਗਾਏ ਗਏ ਅਤੇ ਰੋਸ ਮਾਰਚ ਕੀਤੇ ਗਏ। ਚੇਤੇ ਰਹੇ ਕਿ ਉਕਤ ਜਥੇਬੰਦੀਆਂ ਉਪਰੋਕਤ ਮੰਗਾਂ ਪੂਰੀਆਂ ਕਰਾਉਣ ਲਈ ਅਤੇ ਬਿੱਲ ਬਾਈਕਾਟ ਮੁਹਿੰਮ ਨੂੰ ਸਿਰੇ ਚਾੜਣ ਲਈ ਪੜਾਅਵਾਰ ਸੰਘਰਸ਼ ਕਰ ਰਹੀਆਂ ਹਨ। ਉਕਤ ਜਥੇਬੰਦੀਆਂ ਤੋਂ ਇਲਾਵਾ ਨੱਗਰ ਪੰਚਾਇਤਾਂ, ਕਲੱਬਾਂ, ਧਾਰਮਕ-ਸੰਸਥਾਵਾਂ ਵੱਲੋਂ ਸਾਂਝੇ ਰੂਪ ਵਿਚ ਪਾਸ ਕੀਤੇ ਮਤੇ ਵੀ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਗਏ।


ਇਸ ਮੌਕੇ ਜਥੇਬੰਦੀਆਂ ਨੇ ਕਿਸਾਨ ਤੇ ਮਜ਼ਦੂਰ ਜਨਤਾ ਨੂੰ ਸੰਦੇਸ਼ ਦਿੱਤਾ ਕਿ ਕੇਂਦਰ ਅਤੇ ਸੂਬਾਈ ਸਰਕਾਰਾਂ ਸਾਮਰਾਜ ਪੱਖੀ ਸੰਸਾਰੀਕਰਣ, ਨਿੱਜੀਕਰਣ, ਉਦਾਰੀਕਣ ਦੀਆਂ ਨੀਤੀਆਂ ਲਾਗੂ ਕਰਕੇ ਲੋਕਾਂ ਨੂੰ ਮਿਲਦੀਆਂ ਨਾ-ਮਾਤਰ ਸਹੂਲਤਾਂ ਨੂੰ ਖਤਮ ਕਰਕੇ ਜਨੱਤਕ ਅਦਾਰਿਆਂ ਦਾ ਨਿੱਜੀਕਰਣ ਕਰ ਰਹੀਆਂ ਹਨ ਜਿਸ ਕਾਰਣ ਪਹਿਲਾਂ ਹੀ ਮੁਸੀਬਤਾਂ ਹੰਢਾ ਰਹੇ ਲੋਕ ਹੋਰ ਭੁੱਖਮਰੀ, ਕੰਗਾਲੀ, ਬੇਰੋਜ਼ਗਾਰੀ, ਮਹਿੰਗਾਈ, ਅਨਪੜ੍ਹਤਾ ਦਾ ਸ਼ਿਕਾਰ ਹੋ ਜਾਣਗੇ ਅਤੇ ਸਿਹਤ ਸਹੂਲਤਾਂ ਅਤੇ ਪੀਣ ਵਾਲੇ ਯੋਗ ਪਾਣੀ ਤੋਂ ਵਾਂਝੇ ਹੋ ਜਾਣਗੇ, ਸਿੱਟੇ ਵਜੋਂ ਪਹਿਲਾਂ ਹੀ ਖੁਦਕੁਸ਼ੀਆਂ ਦੇ ਮਰਨਊ ਰਾਹ ਪੈ ਚੁੱਕੇ ਕਿਰਤੀਆਂ ਦੀ ਖੁਦਕੁਸ਼ੀ ਦਰ ਵਿਚ ਹੋਰ ਵਾਧਾ ਹੋ ਜਾਵੇਗਾ। ਪੰਜਾਬ ਦੀ ਮੌਜੂਦਾ ਬਾਦਲ ਸਰਕਾਰ ਨਾ ਕੇਵਲ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਇੰਨ-ਬਿੰਨ ਅਮਲ ਕਰ ਰਹੀ ਹੈ ਬਲਕਿ ਪੇਂਡੂ ਮਜ਼ਦੂਰਾਂ ਨਾਲ ਚੋਣਾਂ ਮੌਕੇ ਕੀਤੇ ਗਏ ਹਰੇਕ ਵਾਅਦੇ ਤੋਂ ਭੱਜ ਚੁੱਕੀ ਹੈ। ਵੱਧ ਰਹੀ ਮਹਿੰਗਾਈ ਕਿਸੇ ਥੁੜ੍ਹ ਦਾ ਸਿੱਟਾ ਨਹੀਂ ਬਲਕਿ ਵੱਡੇ ਕਾਰੋਬਾਰੀ ਘਰਾਣਿਆਂ, ਜਖੀਰੇਬਾਜਾਂ 'ਤੇ ਕਾਲਾਬਾਜ਼ਾਰੀ ਨੂੰ ਲਾਭ ਪੁਚਾਉਣ ਲਈ ਕੀਤੀ ਜਾ ਰਹੀ ਸਾਜਿਸ਼ ਦਾ ਸਿੱਟਾ ਹੈ ਜਿਸ ਵਿਰੁੱਧ ਜਮਹੂਰੀ ਜਥੇਬੰਦੀਆਂ ਲਗਾਤਾਰ ਸੰਘਰਸ਼ਸ਼ੀਲ ਰਹਿਣਗੀਆਂ। ਪੰਜਾਬ ਸਰਕਾਰ ਇਕ ਪਾਸੇ ਕਿਸਾਨਾਂ ਮਜ਼ਦੂਰਾਂ ਸਮੇਤ ਸਮਾਜ ਦੇ ਸਾਰੇ ਹੱਕੀ ਘੋਲ ਲੜ ਰਹੇ ਲੋਕਾਂ ਨੂੰ ਕਾਲੇ ਕਾਨੂੰਨਾਂ ਨਾਲ ਦਬਾਉਣਾ ਚਾਹੁੰਦੀ ਹੈ ਅਤੇ ਦੂਜੇ ਪਾਸੇ ਪ੍ਰਚਾਰ ਸਾਧਨਾਂ ਦੀ ਦੁਰਵਰਤੋਂ ਲੋਕ-ਸੰਘਰਸ਼ਾਂ ਬਾਰੇ ਗਲਤ ਇਲਜ਼ਾਮ ਬਾਜੀ ਰਾਹੀਂ ਹੱਕੀ ਘੋਲਾਂ ਨੂੰ ਬਦਨਾਮ ਕਰਨਾ ਚਾਹੁੰਦੀ ਹੈ ਜਿਸ ਦਾ ਮੂੰਹ ਤੋੜ ਜਵਾਬ ਦਿੱਤਾ ਜਾਏਗਾ।


ਇਨ੍ਹਾਂ ਧਰਨਿਆਂ ਵਿਚ ਖੇਤ-ਮਜ਼ਦੂਰਾਂ ਦੀਆਂ ਮੰਗਾਂ ਵੀ ਪ੍ਰਭਾਵਸ਼ਾਲੀ ਢੰਗ ਨਾਲ ਉਭਾਰੀਆਂ ਗਈਆਂ ਜਿਵੇਂ ਕਿ - ਪੇਂਡੂ ਮਜ਼ਦੂਰਾਂ ਨੂੰ 10-10 ਮਰਲੇ ਦੇ ਰਿਹਾਇਸ਼ੀ ਪਲਾਟ, ਰੂੜੀਆਂ ਲਈ ਥਾਵਾਂ ਅਤੇ ਮਕਾਨ ਬਣਾਉਣ ਲਈ ਇਕ ਲੱਖ ਰੁਪੈ ਦੀ ਗ੍ਰਾਂਟ ਦਿੱਤੀ ਜਾਵੇ, ਨਰੇਗਾ 'ਚ ਹੁੰਦੀਆਂ ਘਪਲੇਬਾਜ਼ੀਆਂ ਬੰਦ ਕਰਕੇ ਢੁੱਕਵੀਆਂ ਉਜਰਤਾਂ ਸਹਿਤ ਹਰ ਬਾਲਗ ਜੀਅ ਨੂੰ ਪੂਰਾ ਸਾਲ ਕੰਮ ਦੀ ਗਰੰਟੀ ਕੀਤੀ ਜਾਵੇ, ਕੰਮ ਨਾ ਦੇਣ ਦੀ ਸੂਰਤ ਵਿਚ ਗੁਜ਼ਾਰੇ ਜੋਗਾ ਬੇਕਾਰੀ ਭੱਤਾ ਦਿੱਤਾ ਜਾਵੇ, ਰੁਕੀਆਂ ਹੋਈਆਂ ਸਹੂਲਤਾਂ ਜਿਵੇਂ ਸ਼ਗਨ ਸਕੀਮ ਅਤੇ ਪੈਨਸ਼ਨਾਂ ਆਦਿ ਬਿਨਾਂ ਵਿਤਕਰੇ ਤੋਂ ਲਗਾਤਾਰ ਅਦਾ ਕੀਤੀਆਂ ਜਾਣ ਅਤੇ ਜਨੱਤਕ ਵੰਡ ਪ੍ਰਣਾਲੀ ਰਾਹੀਂ ਨਿੱਤ ਵਰਤੋਂ ਦੀਆਂ ਚੀਜ਼ਾਂ ਗਰੀਬ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਮੁਹੱਈਆ ਕੀਤੀਆਂ ਜਾਣ।

ਇਸ ਮੌਕੇ ਵੱਖ-ਵੱਖ ਥਾਵਾਂ 'ਤੇ ਹੋਏ ਇਕੱਠਾਂ ਨੇ ਹੱਥ ਖੜੇ ਕਰਕੇ ਐਲਾਨ ਕੀਤਾ ਕਿ ਮੋਟਰਾਂ 'ਤੇ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ, ਬਿੱਲ ਭਰਣੋਂ ਅਸਮਰੱਥ ਲੋਕਾਂ ਦੇ ਮੀਟਰ ਪੱਟਣ ਨਹੀਂ ਦਿੱਤੇ ਜਾਣਗੇ ਅਤੇ ਮੀਟਰ ਬਾਹਰ ਨਹੀਂ ਲੱਗਣ ਦਿੱਤੇ ਜਾਣਗੇ, ਮੋਟਰਾਂ ਦੇ ਕੁਨੈਕਸ਼ਨ ਨਹੀਂ ਕੱਟਣ ਦਿੱਤੇ ਜਾਣਗੇ ਅਤੇ ਬਿੱਲ ਬਾਈਕਾਟ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਈ.ਟੀ.ਟੀ. ਅਧਿਆਪਕਾਂ 'ਤੇ ਪਿਛਲੇ ਦਿਨੀਂ ਕੀਤੇ ਤਸ਼ੱਦਦ, ਗ੍ਰਿਫਤਾਰੀਆਂ ਅਤੇ ਸਰਕਾਰੀ ਕੂੜ ਪ੍ਰਚਾਰ ਦੀ ਨਿਖੇਧੀ ਕਰਦਿਆਂ ਇਹ ਮੰਗ ਵੀ ਕੀਤੀ ਗਈ ਕਿ ਸਰਕਾਰੀ ਮਹਿਕਮਿਆਂ 'ਚ ਖਾਲੀ ਪਈਆਂ ਪੋਸਟਾਂ ਭਰੀਆਂ ਜਾਣ ਅਤੇ ਨਿਯੁਕਤ ਕਰਮਚਾਰੀਆਂ ਨੂੰ ਢੁੱਕਵੀਆਂ ਤਨਖਾਹਾਂ ਦੀ ਅਦਾਇਗੀ ਕੀਤੀ ਜਾਵੇ।

Sunday, February 7, 2010

ਮੰਹਿਗਾਈ ਦੇ ਹੱਲੇ ਖਿਲਾਫ਼ ਸੰਘਰਸ਼ ਦਾ ਸੱਦਾ

ਲੋਕ ਮੋਰਚਾ ਪੰਜਾਬ ਅਤੇ ਇਨਕਲਾਬੀ ਕੇਂਦਰ ਪੰਜਾਬ ਵਲੋਂ 3 ਫਰਵਰੀ ਤੋਂ 17 ਫਰਵਰੀ ਤੱਕ ਮੰਹਿਗਾਈ ਵਿਰੋਧੀ ਪੰਦਰਵਾੜਾ ਮਨਾਉਣ ਦਾ ਐਲਾਨ !

ਬੀਤੇ ਮਹੀਨਿਆਂ 'ਚ ਮੁਨਾਫ਼ਾਖੋਰਾਂ, ਜਖੀਰੇਬਾਜ਼ਾਂ, ਕਾਲਾ ਬਜ਼ਾਰੀਆਂ ਨੇ ਚਾਰ ਖਰਬ ਰੁਪਏ ਦਾ ਡਾਕਾ ਚਿੱਟੇ ਦਿਨ ਆਮ ਆਦਮੀ ਦੀਆਂ ਜੇਬਾਂ ਤੇ ਮਾਰਿਆ ਹੈ । ਸਿਰਫ਼ ਅਰਹਰ ਦਾਲ ਦਾ ਬਿਜ਼ਨਸ ਕਰਨ ਵਾਲੇ ਵਪਾਰੀਆਂ ਨੇ ਰੇਟਾਂ 'ਚ ਨਕਲੀ ਤੇਜ਼ੀ ਲਿਆ ਕੇ ਆਪਣੀਆਂ ਜੇਬਾਂ 'ਚੋਂ 180 ਅਰਬ ਰੁਪਏ, ਆਟਾ/ਕਣਕ ਦੇ ਜ਼ਖੀਰੇਬਾਜ਼ਾਂ ਨੇ 15 ਅਰਬ ਰੁਪਏ, ਚੌਲਾਂ ਦੇ ਵਪਾਰੀਆਂ ਨੇ 7200 ਕਰੋੜ ਰੁਪਏ, ਖੰਡ ਮਿੱਲ ਮਾਲਕਾਂ ਨੇ 880 ਕਰੋੜ ਰੁਪਏ ਹੜੱਪ ਕਰ ਲਏ ਹਨ । ਆਟਾ ਸੰਨ 2009 'ਚ 13 ਰੁਪਏ ਤੋਂ ਹੁਣ 18 ਰੁਪਏ, ਚਾਵਲ 24 ਰੁਪਏ ਤੋਂ 35 ਰੁਪਏ, ਅਰਹਰ ਦੀ ਦਾਲ 45 ਤੋਂ 96 ਰੁਪਏ, ਧੋਤੀ ਮੂੰਗੀ 50 ਤੋਂ 105 ਰੁਪਏ, ਸਾਬਤ ਮੂੰਗੀ 48 ਤੋਂ 85, ਮਸਰਾਂ ਦੀ ਦਾਲ 35 ਤੋਂ 80 ਰੁਪਏ, ਦੇਸੀ ਘਿਓ 190 ਤੋਂ 260 ਤੇ ਖੰਡ 22 ਤੋਂ 50/55 ਰੁਪਏ ਹੋ ਗਈ ਹੈ। ਖਾਣ ਪੀਣ ਵਾਲੀਆਂ ਵਸਤਾਂ ਦੀਆਂ ਔਸਤ ਕੀਮਤਾਂ ਇੱਕ ਅੰਦਾਜ਼ੇ ਮੁਤਾਬਿਕ ਪਿਛਲੇ ਸਾਲ ਨਾਲੋਂ ਵੀਹ ਗੁਣਾ ਵੱਧ ਗਈਆਂ ਹਨ।

ਵਿੱਤ ਮੰਤਰੀ ਪ੍ਰਣਬ ਮੁਖਰਜੀ ਤੋਂ ਲੈਕੇ ਖੇਤੀ ਮੰਤਰੀ ਸ਼ਰਦ ਪਵਾਰ ਤੱਕ, ਗ੍ਰਹਿ ਮੰਤਰੀ ਤੋਂ ਲੈਕੇ ਪ੍ਰਧਾਨ ਮੰਤਰੀ ਤੱਕ ਬੇ-ਸਿਰ ਪੈਰ ਬਿਆਨਬਾਜ਼ੀ ਕਰ ਰਹੇ ਹਨ। ਕੋਈ ਕੰਹਿਦਾ ਪੈਦਾਵਾਰ ਘੱਟ ਹੋਈ ਹੈ, ਕੋਈ ਕੰਹਿਦਾ ਮੌਨਸੂਨ ਲੇਟ ਸੀ। ਕੋਈ ਕੰਹਿਦਾ ਮਾਰਚ ਤੱਕ ਕੰਟਰੋਲ ਹੋਵੇਗਾ। ਕੇਂਦਰ ਕੰਹਿਦਾ ਮੰਹਿਗਾਈ ਨੂੰ ਕੰਟਰੋਲ ਕਰਨ ਦੀ ਜੁਮੇਵਾਰੀ ਰਾਜਾਂ ਦੀ ਹੈ, ਰਾਜ ਸਰਕਾਰਾਂ ਕੰਹਿਦੀਆਂ ਮਹਿੰਗਾਈ ਨੂੰ ਨੱਥ ਪਾਉਣ ਦੀ ਜੁੰਮੇਵਾਰ ਕੇਂਦਰ ਸਰਕਾਰ ਹੈ। ਲੋਕਾਂ ਨੂੰ ਭੰਬਲਭੂਸੇ 'ਚ ਪਾਇਆ ਜਾ ਰਿਹਾ ਹੈ

ਇਸ ਲੁੱਟ ਦੇ ਚੱਕਰ 'ਚ ਪਿਸਦੇ ਲੋਕਾਂ ਨੂੰ ਕੁਝ ਵੀ ਸੁੱਝ ਨਹੀਂ ਰਿਹਾ। ਕੇਂਦਰੀ ਹਕੂਮਤ 'ਚ ਬਿਰਾਜਮਾਨ ਯੂ.ਪੀ.ਏ. ਸਰਕਾਰ ਦੇ ਪਿਛਲੇ ਅਰਸੇ ਦੇ ਕੁੱਲ ਅਮਲ ਨੇ ਸਾਬਤ ਕਰ ਦਿੱਤਾ ਹੈ ਕਿ ਬੇ-ਲਗਾਮ ਮੰਹਿਗਾਐ ਨੂੰ ਨੱਥ ਮਾਰਨ ਦਾ ਉਸਦਾ ਕੋਈ ਮੁੱਦਾ ਨਹੀਂ ਹੈ । ਤੇ ਦੂਜੇ ਬੰਨੇ ਰਾਜਗੱਦੀ 'ਤੇ ਕਾਬਜ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਵੀ ਹੇਰਨਾਂ ਸੂਬਿਆਂ ਦੀਆਂ ਸਰਕਾਰਾਂ ਵਾਂਗ ਪੱਲਾ ਝਾੜਦੀ ਆਪਣੇ ਹਿੱਸੇ ਦੇ ਫਰਜਾਂ ਤੋਂ ਕੇਂਦਰ ਸਰਕਾਰ ਵਾਂਗ ਟਾਲਾ ਵੱਟ ਰਹੀ ਹੈ। ਵੱਡਾ ਛੋਟਾ ਬਾਦਲ ਇੱਕ ਪਾਸੇ ਤਾਂ ਕੇਂਦਰ ਸਰਕਾਰ ਨੂੰ ਮੰਹਿਗਾਈ 'ਚ ਵਾਧੇ ਲਈ ਕੋਸ ਰਹੇ ਹਨ ਪਰ ਦੂਜੇ ਪਾਸੇ ਸੁਖਬੀਰ-ਕਾਲੀਆ ਕਮੇਟੀ ਦੀ ਰਿਪੋਰਟ ਲਾਗੂ ਕਰਦਿਆਂ ਅਕਾਲੀ-ਭਾਜਪਾ ਸਰਕਾਰ ਨੇ ਲੋਕਾਂ 'ਤੇ ਚਾਰ ਹਜ਼ਾਰ ਕਰੋੜ ਰੁਪਏ ਦਾ ਹੋਰ ਬੋਝ ਲੱਦ ਦਿੱਤਾ ਹੈ । ਖੇਤੀ ਮੋਟਰਾਂ 50 ਰੁਪਏ ਪ੍ਰਤੀ ਹਾਰਸ ਪਾਵਰ, ਬਹੁ-ਗਿਣਤੀ ਵਸਤਾਂ 'ਤੇ 10 ਫੀਸਦੀ ਟੈਕਸ ਵਾਧਾ, ਬੱਸ ਭਾੜਿਆਂ 'ਚ 13 ਫੀਸਦੀ ਵਾਧਾ, ਆਬਿਆਨਾ ਟੈਕਸ 'ਚ ਵਾਧਾ ਆਦਿ ਨੇ ਲੋਕਾਂ 'ਤੇ ਮੰਹਿਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ।

ਮੰਹਿਗਾਈ ਵਾਧੇ ਦੇ ਕੁੱਝ ਅਸਲ ਕਾਰਣ:
  1. ਸਾਡੇ ਮੁਲਕ ਦੇ ਰਾਜ-ਭਾਗ 'ਤੇ ਕਾਬਜ਼, ਲੋਕ-ਦੋਖੀ ਹਾਕਮਾਂ ਦੀਆਂ ਨੀਤੀਆਂ ਦਾ ਇਹ ਸਿੱਟਾ ਹੈ ਕਿ ਬਜ਼ਾਰ ਵਿਚ ਵਾਧੂ ਜਿਨਸਾਂ ਵਾਲੇ ਹਾਲਾਤ ਹੀ ਪੈਦਾ ਨਾ ਹੋਣ ਦਿੱਤੇ ਜਾਣ। ਸਾਡੇ ਦੇਸ਼ 'ਚ ਹਾਕਮ ਜਮਾਤਾਂ ਨੇ 1990 ਤੋਂ ਖੇਤੀਬਾੜੀ ਸੈਕਟਰ 'ਚ ਪੂੰਜੀ ਨਿਵੇਸ਼ ਘੱਟ ਕਰ ਦਿੱਤਾ ਹੈ ਤਾਂ ਕਿ ਪੈਦਾਵਾਰ ਦੀ ਥੁੜ੍ਹ ਬਣੀ ਰਹੇ ਤੇ ਉਹ ਮਨਮਰਜੀ ਦੀਆਂ ਕੀਮਤਾਂ ਇਸ ਬਹਾਨੇ ਉਗਰਾਹ ਕੇ ਅੰਨੀ ਲੁੱਟ ਮਚਾ ਸਕਣ। ਅਨਾਜ ਪੈਦਾਵਾਰ ਦੇ ਇਸ ਪੈਦਾ ਕੀਤੇ ਸੰਕਟ ਦਾ ਹੱਲ ਕੇਂਦਰ ਸਰਕਾਰ ਅਨਾਜ ਬੈਂਕ ਕਾਇਮ ਕਰਕੇ ਕਰ ਸਕਦੀ ਹੈ ਪਰ ਲੁਟੇਰੀ ਹਕੂਮਤ ਦੇ ਇਹ ਗੱਲ ਜਮਾਤੀ ਹਿਤਾਂ ਦੇ ਉਲਟ ਜਾਂਦੀ ਹੈ। ਅਨਾਜ ਉਤਪਾਦਨ 'ਚ ਵਾਧੇ ਲਈ ਸਰਕਾਰ ਵਲੋਂ ਉਤਪਾਦਕ ਕਿਸਾਨਾਂ ਨੂੰ ਪੂਰਾ ਲਾਹੇਬੰਦ ਮੁੱਲ ਦੇਣਾ, ਸਬਸਿਡੀਆਂ ਰਾਹੀਂ ਡੁੱਬ ਰਹੀ ਕਿਸਾਨੀ ਨੂੰ ਸਹਾਰਾ ਦੇਣਾ, ਘੱਟੋ ਘੱਟ ਸਮਰਥਨ ਮੁੱਲ ਨੂੰ ਖਤਮ ਕਰਨ ਦੀ ਨੀਤੀ ਤਿਆਗਣਾ ਜ਼ਰੂਰੀ ਹੈ।

  2. ਨਵੀਆਂ ਆਰਥਕ ਨੀਤੀਆਂ ਤਹਿਤ ਹਕੂਮਤ ਨੇ ਜਨਤਕ ਵੰਡ ਪ੍ਰਣਾਲੀ ਦਾ ਪੂਰੀ ਤਰ੍ਹਾਂ ਭੋਗ ਪਾ ਦਿੱਤਾ ਹੈ। ਸਸਤਾ ਰਾਸ਼ਨ ਦੇਸ਼ ਦੇ 80 ਪ੍ਰਤੀਸ਼ਤ ਗਰੀਬ਼ ਲੋਕਾਂ ਦੀ ਲੋੜ ਹੈ ਪਰ ਸਾਰੀਆਂ ਭਲਾਈ ਸਕੀਮਾਂ, ਸਸਤੇ ਕਰਜਿਆਂ, ਸਬਸਿਡੀਆਂ ਦਾ ਖਾਤਮਾ ਕਰਕੇ, ਰਾਸ਼ਨ ਡਿਪੂਆਂ 'ਤੇ ਰਾਸ਼ਨ ਸੀਮਤ ਕਰਕੇ ਅਸਲ ਲੁਟੇਰਾ ਮਾਲਕ ਵਰਗ ਗਰੀਬ ਤੇ ਮੱਧਵਰਗ ਨੂੰ ਮੰਡੀ ਦੀਆਂ ਸ਼ਕਤੀਆਂ ਹਵਾਲੇ ਕਰਕੇ ਅੰਨੀ ਲੁੱਟ ਦਾ ਖਾਜਾ ਬਣਾ ਰਿਹਾ ਹੈ। ਇਸ ਦੇ ਮੁਕਾਬਲੇ ਦੇਸ਼ ਦੀ ਕੁੱਲ ਆਰਥਕ ਤਸਵੀਰ ਨੂੰ ਧਿਆਨ 'ਚ ਰਖਦਿਆਂ ਅਸਲ 'ਚ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ, ਰਾਸ਼ਨ ਡਿਪੂਆਂ 'ਤੇ ਸਸਤਾ ਅਤੇ ਪੂਰੀ ਮਾਤਰਾ 'ਚ ਸਰਕਾਰੀ ਕੰਟਰੋਲ ਹੇਠ ਅਨਾਜ ਤੇ ਹੋਰ ਬੁਨਿਆਦੀ ਲੋੜ ਦੀਆਂ ਵਸਤਾਂ ਦਾ ਯਕੀਨੀ ਬਣਾਉਣਾ ਲਾਜ਼ਮੀ ਹੈ।

  3. ਜ਼ਖੀਰੇਬਾਜ਼ਾਂ, ਕਾਲਾਬਜ਼ਾਰੀਆਂ ਨੂੰ ਨੱਥ ਮਾਰਨ ਦੀ ਬਜਾਏ ਨਿਸੰਗ ਹੋ ਕੇ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ। ਖੰਡ, ਦਾਲਾਂ ਤੇ ਹੋਰ ਆਮ ਵਸਤਾਂ ਦੇ ਵਪਾਰੀ ਤੇ ਵਿਚੋਲੀਏ ਅੰਨਾ ਰੁਪਿਆ ਇੱਕਠਾ ਕਰ ਰਹੇ ਹਨ। ਦੇਸ਼ ਭਰ 'ਚ ਜ਼ਖੀਰੇਬਾਜ਼ ਆਪਣੀ ਮਰਜ਼ੀ ਨਾਲ ਮਾਲ/ਵਸਤਾਂ ਆਪਣੀ ਮਰਜ਼ੀ ਦੇ ਰੇਟਾਂ 'ਤੇ ਮਾਰਕੀਟ 'ਚ ਜਾਰੀ ਕਰਕੇ ਅਰਬਾਂ ਖਰਬਾਂ ਰੁਪਏ ਦੇ ਨੋਟ ਕਮਾ ਰਹੇ ਹਨ। ਜ਼ਖੀਰੇਬਾਜ਼ੀ ਨੂੰ ਕੰਟਰੋਲ ਕਰਕੇ ਬਹੁਤ ਹੱਦ ਤੱਕ ਮੰਹਿਗਾਈ 'ਤੇ ਕੰਟਰੋਲ ਕੀਤਾ ਜਾ ਸਕਦਾ ਹੈ। ਅੱਜ ਦੇਸ਼ ਦਾ ਖੇਤੀ ਮੰਤਰੀ ਖੰਡ ਲਾਬੀ ਨੂੰ ਹਜ਼ਾਰਾਂ ਕਰੋੜਾਂ ਦਾ ਫਾਇਦਾ ਪਹੁੰਚਾ ਕੇ ਖੁਦ ਵੀ ਘਿਓ ਖੰਡ ਹੋ ਰਿਹਾ ਹੈ।

  4. ਵਾਅਦਾ ਵਪਾਰ ਯਾਨਿ ਸੱਟੇਬਾਜ਼ੀ ਨੂੰ ਜ਼ਰਈ ਜਿਨਸਾਂ ਦੀ ਮੰਡੀ 'ਚ ਖੁੱਲ੍ਹ ਖੇਡਣ ਦੀ ਸਰਕਾਰੀ ਨੀਤੀ ਨੇ ਮੁਨਾਫੇਖੋਰਾਂ ਨੂੰ ਅੰਨ੍ਹੀ ਲੁੱਟ ਮਚਾਉਣ ਦੀ ਛੋਟ ਦੇ ਦਿੱਤੀ ਹੈ। ਜਿਨਸੀ ਪੈਦਾਵਾਰ ਦੇ ਖੇਤਰ 'ਚ ਪਹਿਲਾਂ ਸੱਟੇਬਾਜ਼ੀ 'ਤੇ ਕਾਫੀ ਸਮਾਂ ਰੋਕ ਰਹੀ ਹੈ। ਪਰ ਖੁੱਲ੍ਹੀ ਮੰਡੀ ਦੀ ਸਾਮਰਾਜੀ ਨੀਤੀ ਨੇ ਲੋਕਾਂ ਦੀ ਖੁਰਾਕ ਤੇ ਵੀ ਸੱਟਾ ਲਾਉਣ ਦੀ ਖੁੱਲ ਦੇ ਕੇ ਕੋਰਾ ਧਰੋਹ ਕਮਾਇਆ ਹੈ, ਤੁਸੀਂ ਬੁੱਝ ਸਕਦੇ ਹੋ। ਕਿਸਾਨ ਤੋਂ ਜਿਨਸ ਸਸਤੀ ਖਰੀਦ ਕੇ ਵਪਾਰੀ ਉਦੋਂ ਵੇਚਦਾ ਹੈ, ਜਦੋਂ ਜਿਨਸ ਦੀ ਕੀਮਤ ਵਧ ਕੇ ਦੁੱਗਣੀ ਹੋ ਚੁੱਕੀ ਹੁੰਦੀ ਹੈ। ਸੱਟਾ ਬਜ਼ਾਰੀ ਰਾਤੋ ਰਾਤ ਨਕਲੀ ਭੈਅ ਪੈਦਾ ਕਰਕੇ ਕਿਸੇ ਵੀ ਵਸਤ ਦਾ ਭਾਅ ਦੁੱਗਣਾ ਤਿੱਗਣਾ ਕਰ ਸਕਦੇ ਹਨ।

  5. ਮਹਿੰਗਾਈ ਨੂੰ ਨੱਥ ਪਾਉਣ ਲਈ ਕੇਂਦਰੀ ਯੋਜਨਾਬੰਦੀ ਦੀ ਲੋੜ ਹੈ। ਅਸਲ ਵਿਚ ਇਹ ਯੋਜਨਾਬੰਦੀ ਮੌਜੂਦਾ ਢਾਂਚੇ 'ਚ ਸੰਭਵ ਨਹੀਂ ਹੈ। ਕਿਉਂਕਿ ਮਹਿੰਗਾਈ ਨੂੰ ਕੰਟਰੋਲ ਕਰਨ 'ਚ ਮੌਜੂਦਾ ਹਾਕਮ ਜਮਾਤ ਦੇ ਹਿਤ ਨਹੀਂ ਹਨ। ਅਸਲ ਗੱਲਾਂ ਦੀ ਗੱਲ ਇਹ ਹੈ ਕਿ ਮਹਿੰਗਾਈ ਦਾ ਜੂੜ ਵੱਢਣ ਲਈ ਅਜੋਕੇ ਲੋਕ ਦੋਖੀ ਪ੍ਰਬੰਧ ਦਾ ਜੂੜ ਵੱਢਣਾ ਜਰੂਰੀ ਹੈ। ਫੌਰੀ ਅਤੇ ਲੰਮੇ ਦਾਅ ਪੱਖੋਂ ਸਾਨੂੰ ਦੋਵਾਂ ਪੱਖਾਂ ਦਾ ਸੁਰਮੇਲ ਕਰਦਿਆਂ ਸੰਘਰਸ਼ ਨੂੰ ਅੱਗੇ ਵਧਾਉਣ ਦੀ ਲੋੜ ਹੈ।ਇਸ ਸਮੇਂ ਸਾਨੂੰ ਸਾਰਿਆਂ ਨੂੰ ਮਹਿੰਗਾਈ ਨੂੰ ਨੱਥ ਪਾਉਣ ਲਈ ਸਰਕਾਰ ਤੇ ਦਬਾਅ ਪਾਉਣ ਹਿੱਤ ਮੰਗ ਕਰਨੀ ਚਾਹੀਦੀ ਹੈ ਕਿ:

  1. ਜਖੀਰੇਬਾਜਾਂ/ਜਮ੍ਹਾਂਖੋਰਾਂ/ਕਾਲਾ ਬਜ਼ਾਰੀਆਂ ਕੋਲ ਜਮ੍ਹਾਂ ਬੇਥਾਹ ਪੈਦਾਵਾਰ ਕਢਵਾਉਣ ਲਈ ਖੁਦ ਵੀ ਤੇ ਸਰਕਾਰ ਰਾਹੀਂ ਵੀ ਮੰਗ ਕਰਨੀ ਚਾਹੀਦੀ ਹੈ।

  2. ਜਨਤਕ ਵੰਡ ਪ੍ਰਣਾਲੀ ਯਾਨਿ ਸਸਤੇ ਰਾਸ਼ਨ ਨੂੰ ਯਕੀਨੀ ਕਰਨ, ਮਾਤਰਾ ਵਧਾਉਣ ਅਤੇ ਵਿਚੋਲਗਿਰੀ ਖਤਮ ਕਰਨ ਦੀ ਮੰਗ ਕਰਨੀ ਬਣਦੀ ਹੈ।

  3. ਖੇਤੀਬਾੜੀ ਨੂੰ ਵੱਡੀ ਪੱਧਰ 'ਤੇ ਸਬਸਿਡੀ ਦਿੱਤੀ ਜਾਵੇ। ਦਾਲਾਂ, ਗੰਨਾ ਤੇ ਹੋਰ ਥੁੜ੍ਹੋਂ ਵਾਲੀਆਂ ਵਸਤਾਂ ਲਈ ਪੈਦਾਵਾਰ ਵਧਾਉਣ ਹਿਤ ਫੰਡ ਮੁਹੱਈਆ ਕਰਵਾਏ ਜਾਣ।

  4. ਮਹਿੰਗਾਈ ਦੀ ਜੜ੍ਹ ਨਵੀਆਂ ਆਰਥਕ ਨੀਤੀਆਂ, ਨਿੱਜੀਕਰਨ ਦੇ ਖਤਰਨਾਕ ਅਮਲ, ਠੇਕੇਦਾਰੀ ਪ੍ਰਬੰਧ ਨੂੰ ਰੱਦ ਕਰਵਾਉਣ ਲਈ ਲੋਕ ਸੰਘਰਸ਼ਾਂ ਨੂੰ ਹੋਰ ਤੇਜ਼ ਕਰਨ ਵੱਲ ਤੁਰਨਾ ਪਵੇਗਾ। ਮਹਿੰਗਾਈ ਤੇ ਰੁਜ਼ਗਾਰ ਉਜਾੜੇ ਦੀ ਜੜ੍ਹ ਸਾਮਰਾਜੀਆਂ ਅਤੇ ਉਨ੍ਹਾਂ ਦੇ ਦੇਸੀ ਯਾਰਾਂ ਦੀਆਂ ਨੀਤੀਆਂ ਨੂੰ ਨੱਥਣਾ ਅੱਜ ਮੁੱਖ ਮੁੱਦਾ ਹੈ।

ਆਓ, ਮਹਿੰਗਾਈ ਦੇ ਇਸ ਖਤਰਨਾਕ ਦੈਂਤ ਨੂੰ ਨੱਥ ਮਾਰਨ ਲਈ ਆਪੋ-ਆਪਣੇ ਵਰਗਾਂ ਦੀਆਂ ਸੀਮਤ ਮੰਗਾਂ/ਮਸਲਿਆਂ/ਸਮੱਸਿਆਵਾਂ ਤੋਂ ਉੱਪਰ ਉੱਠ ਕੇ ਸਾਂਜੇ ਜਨਤਕ ਘੋਲਾਂ ਦੇ ਪਿੜ੍ਹ ਮਘਾਉਣ ਲਈ ਮੈਦਾਨ 'ਚ ਨਿੱਤਰੀਏ। ਆਓ ! ਮਹਿੰਗਾਈ ਵਿਰੋਧੀ ਲੋਕ ਘੋਲਾਂ ਨੂੰ ਅਜਿਹੀ ਦਿਸ਼ਾ ਵੱਲ ਅੱਗੇ ਵਧਾਈਏ ਜਿਹੜੀ ਮਹਿੰਗਾਈ ਵਰਗੀਆਂ ਤਮਾਮ ਅਲਾਮਤਾਂ ਦਾ ਫਸਤਾ ਵੱਢਣ ਲਈ ਰਾਜ ਤੇ ਸਮਾਜ ਬਦਲਣ ਵੱਲ ਸੇਧਤ ਹੋਵੋ !

ਸੂਬੇ ਭਰ 'ਚ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਲੋਕ ਮੁਹਿੰਮ ਨੂੰ ਮਹਿੰਗਾਈ ਖਿਲਾਫ਼ ਤੇਜ਼ ਕਰਨ ਹਿਤ ਜਨਤਕ ਮੀਟਿੰਗਾਂ, ਰੈਲੀਆਂ, ਝੰਡਾ ਮਾਰਚਾਂ, ਕਨਵੈਨਸ਼ਨਾਂ, ਵਿਖਾਵਿਆਂ ਦਾ ਤਾਂਤਾ ਬੰਨ੍ਹ ਦਿਓ !

ਵਲੋਂ:

ਸੂਬਾ ਕਮੇਟੀ,ਸੂਬਾ ਕਮੇਟੀ,
ਇਨਕਲਾਬੀ ਕੇਂਦਰ ਪੰਜਾਬਲੋਕ ਮੋਰਚਾ ਪੰਜਾਬ